The families of the martyred farmers : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਹੁਤ ਸਾਰੇ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕਿਸਾਨ ਅੰਦੋਲਨ ਵਿਚ ਆਪਣੀ ਜਾਨ ਗੁਆਉਣ ਵਾਲੇ 21 ਕਿਸਾਨਾਂ ਨੂੰ ਪੰਜਾਬ ਵਿਚ ਵਿਲੱਖਣ ਢੰਗ ਨਾਲ ਸਨਮਾਨਤ ਕੀਤਾ ਗਿਆ। ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ‘ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਮਰਨ ਵਾਲੇ ਕਿਸਾਨਾਂ ਨੂੰ ਸਲਾਮ ਕੀਤਾ।
ਪੰਜਾਬ ਦੇ ਰੋਪੜ ਵਿੱਚ ਕਰਵਾਏ ਗਏ ਖੇਡ ਮੇਲੇ ਦੌਰਾਨ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ 21 ਕਿਸਾਨਾਂ ਦੇ ਪਰਿਵਾਰਾਂ ਨੂੰ ਸੋਨੇ ਦੇ ਸਿੱਕੇ ਦੇ ਕੇ ਸਨਮਾਨਤ ਕੀਤਾ ਗਿਆ। ਰੋਪੜ ਵਿਖੇ ਹਰ ਸਾਲ ਅੰਤਰਰਾਸ਼ਟਰੀ ਖੇਡ ਮੇਲਾ ਲਗਾਇਆ ਜਾਂਦਾ ਹੈ। ਇਸ ਸਾਲ ਖੇਡ ਮੇਲਾ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕੀਤਾ ਗਿਆ।
ਪਹਿਲਾਂ ਇਹ ਖੇਡ ਮੇਲਾ 3 ਦਿਨਾਂ ਲਈ ਲਗਾਇਆ ਜਾਂਦਾ ਸੀ ਪਰ ਇਸ ਵਾਰ ਇਹ ਸਿਰਫ 1 ਦਿਨ ਲਈ ਰੱਖਿਆ ਗਿਆ ਸੀ। ਇਸ ਮੌਕੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਅਤੇ ਖੇਡ ਮੇਲੇ ਵਿੱਚ ਹਾਜ਼ਰ ਲੋਕਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੀ ਮੌਜੂਦ ਸਨ।
ਖੇਡ ਮੇਲੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦਾ ਸਨਮਾਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਇਕ ਵੱਡਾ ਉਪਰਾਲਾ ਹੈ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕੇਂਦਰ ਤੋਂ ਖੇਤੀ ਕਾਨੂੰਨਾਂ ਵਾਪਸ ਲੈਣ ਦੀ ਮੰਗ ਦੁਹਰਾਈ।
ਇਸ ਮੌਕੇ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਅਤੇ ਨਰਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੇ ਸਨਮਾਨ ਵਿੱਚ 11 ਲੱਖ ਰੁਪਏ ਦੇ ਸ਼ੁੱਧ ਸੋਨੇ ਦੇ ਸਿੱਕੇ ਦਿੱਤੇ ਗਏ ਹਨ। ਇਸ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।