The health department issued the order : ਪੰਜਾਬ ਵਿਚ ਕੋਰੋਨਾ ਵਾਇਰਸ ਦੀ ਡਿਸਚਾਰਜ ਪਾਲਿਸੀ ਲਾਗੂ ਹੋ ਚੁੱਕੀ ਹੈ, ਜਿਸ ਅਧੀਨ ਜਿਨ੍ਹਾਂ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਾਂ ਉਨ੍ਹਾਂ ਵਿਚ ਕੋਈ ਕੋਰੋਨਾ ਵਾਇਰਸ ਦਾ ਲੱਛਣ ਨਹੀਂ ਪਾਇਆ ਗਿਆ ਤਾਂ ਉਨ੍ਹਾਂ ਨੂੰ ਤੁਰੰਤ ਛੁੱਟੀ ਦੇ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ 14 ਦਿਨਾਂ ਲਈ ਕੁਆਰੰਟਾਈਨ ਵਿਚ ਰਹਿਣ ਦੀ ਹਿਦਾਇਤ ਦਿੱਤੀ ਜਾਵੇਗੀ। ਇਸ ਪਾਲਿਸੀ ਦੇ ਲਾਗੂ ਹੋਣ ਤੋਂ ਬਾਅਦ ਸਿਹਤ ਵਿਭਾਗ ਨੇ ਹੁਣ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹੋਰ ਵੀ ਸਖਤ ਰਵੱਈਆ ਅਪਣਾ ਲਿਆ ਹੈ, ਜਿਸ ਅਧੀਨ ਸਿਹਤ ਵਿਭਾਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਬਿਨਾਂ ਮਾਸਕ ਦੇ ਘੁੰਮਦੇ ਵਿਅਕਤੀਆਂ ਨੂੰ, ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਨੂੰ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲੇ ਖਿਲਾਫ ਸਖਤ ਕਾਰਵਾਈ ਹੋਵੇਗੀ।
ਜ਼ਿਕਰਯੋਗ ਹੈ ਕਿ ਵਿਭਾਗ ਦੀ ਡਾਇਰੈਕਟਰ ਅਵਨੀਤ ਕੌਰ ਵੱਲੋਂ ਇਸ ਸਬੰਧੀ ਸੂਬੇ ਦੇ ਸਾਰੇ ਸਿਵਲ ਸਰਜਨਾਂ ਅਤੇ ਪ੍ਰਸ਼ਾਸਨਿਕ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਜਾਰੀ ਕੀਤੇ ਗਏ ਪੱਤਰਾਂ ਵਿਚ ਸਪੱਸ਼ਟ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਮਹਾਮਾਰੀ ਐਕਟ 1897 ਦੇ ਨਿਯਮ 12 (ਆਈ ਐਕਸ) ਦੇ ਅਧੀਨ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਿਸ਼ੇਸ਼ ਨਿਯਮ ਬਣਾਏ ਗਏ ਹਨ, ਜਿਸ ਅਧੀਨ ਬਿਨਾਂ ਮਾਸਕ ਦੇ ਬਾਹਰ ਘੁੰਮਣ ਵਾਲੇ ਵਿਅਕਤੀ ਨੂੰ 200 ਰੁਪਏ ਜੁਰਮਾਨਾ ਕੀਤਾ ਜਾਵੇਗਾ, ਉਥੇ ਹੀ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਸਬੰਧਤ ਵਿਅਕਤੀਆਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਤਕੇ ਜਨਤਕ ਥਾਵਾਂ ’ਤੇ ਥੁੱਕਣ ਵਾਲੇ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਉਪਰੋਕਤ ਨਿਯਮ ਨੂੰ ਲਾਗੂ ਕਰਵਾਉਣ ਲਈ ਬੀਡੀਪੀਓ ਅਹੁਦੇ, ਨਾਇਬ ਤਹਿਸੀਲਦਾਰ, ਏਐਸਆਈ ਤੋਂ ਇਲਾਵਾ ਸ਼ਹਿਰੀ ਸਥਾਨਕ ਸੰਸਥਾਵਾਂ ਜਾਂ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸ਼ਕਤੀਆਂ ਦਿੱਤੀਆਂ ਗਈਆਂ ਹਨ ਕਿ ਜੇ ਕੋਈ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।