The issue of ED raid on Sukhpal Khaira : ਚੰਡੀਗੜ੍ਹ : ਵਿਧਾਇਕ ਸੁਖਪਾਲ ਖਹਿਰਾ ਦੇ ਘਰ ਵਿੱਚ ਮਾਰਿਆ ਗਿਆ ਈਡੀ ਵੱਲੋਂ ਛਾਪੇ ਦਾ ਮੁੱਦਾ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ। ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਖਹਿਰਾ ਨੂੰ ਕਿਸਾਨਾਂ ਨਾਲ ਜੁੜੇ ਮੁੱਦੇ ਨੂੰ ਚੁੱਕਣ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਈਡੀ ਦੇ ਛਾਪਿਆਂ ਦੀ ਨਿਖੇਧੀ ਕਰਦਿਆਂ ਸਦਨ ਦੇ ਮਤੇ ਦੀ ਮੰਗ ਕੀਤੀ। ਢੀਂਡਸਾ ਨੇ ਕਿਹਾ ਕਿ ਖਹਿਰਾ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕੇਂਦਰ ਦੀ ਆਲੋਚਨਾ ਕਰ ਰਹੇ ਹਨ।
ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਢੀਂਡਸਾ ਦੀ ਹਮਾਇਤ ਕਰਦਿਆਂ ਕਿਹਾ ਕਿ ਇਹ ਛਾਪੇਮਾਰੀ ਖਹਿਰਾ ਦੇ ਕਿਸਾਨਾਂ ਦੇ ਅੰਦੋਲਨ ਵਿੱਚ ਸਮਰਥਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ “ਜਿਸ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀ.ਬੀ.ਆਈ. ਨੂੰ ਸਬਕ ਸਿਖਾਇਆ ਸੀ ਈ.ਡੀ. ਨਾਲ ਵੀ ਪੰਜਾਬ ਨੂੰ ਇਸੇ ਤਰ੍ਹਾਂ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਖਹਿਰਾ ਦੇ ਘਰ ‘ਤੇ ਈਡੀ ਦੇ ਛਾਪੇਮਾਰੀ ਦੀ ਨਿੰਦਾ ਕਰਦਿਆਂ ਸਦਨ ਦੇ ਮਤੇ ਦੀ ਮੰਗ ਕੀਤੀ। ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਖਹਿਰਾ ਦੇ ਘਰ ‘ਤੇ ਈਡੀ ਦਾ ਛਾਪਾ ਸਦਨ ਦੇ ਕੰਮਕਾਜ ਵਿਚ ਦਖਲਅੰਦਾਜ਼ੀ ਹੈ। ਉਨ੍ਹਾਂ ਈਡੀ ਖ਼ਿਲਾਫ਼ ਮਤਾ ਵੀ ਮੰਗਿਆ।
ਦੱਸਣਯੋਗ ਹੈ ਕਿ ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਭੁਲੱਥ ਤੋਂਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਵਿੱਚ ਸੈਕਟਰ-5 ਸਥਿਤ ਘਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ। ਇਹ ਰੇਡ ਸਵੇਰੇ ਲਗਭਗ 7.30 ਵਜੇ ਦੇ ਕਰੀਬ ਮਾਰੀ ਗਈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ‘ਤੇ ਮਨੀ ਲਾਂਡ੍ਰਿੰਗ ਦੇ ਕੇਸ ਵਿੱਚ ਇਹ ਛਾਪਾ ਮਾਰਿਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਈਡੀ ਦਾ ਇਹ ਛਾਪਾ ਕਿਸਾਨੀ ਅੰਦੋਲਨ ਕਰਕੇ ਵੀ ਵਿਧਾਇਕ ਦੇ ਘਰ ‘ਤੇ ਮਾਰਿਆ ਗਿਆ ਹੈ ਕਿਉਂਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੇ ਰਹੇ ਹਨ ਅਤੇ ਨਵਰੀਤ ਸਿੰਘ ਕੇਸ ਵਿੱਚ ਵੀ ਉਹ ਅਹਿਮ ਭੂਮਿਕਾ ਨਿਭਾ ਰਹੇ ਹਨ।