The Jathedar described the torture : ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੇ ਜਥੇ ਦਿੱਲੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ। ਖੇਤੀ ਬਿੱਲਾਂ ਦੇ ਵਿਰੋਧ ਵਿੱਚ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਮੋਦੀ ਸਰਕਾਰ ਨੂੰ ਆਪਣੀ ਆਵਾਜ਼ ਸੁਣਾਉਣ ਲਈ ਉਹ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੋਏ ਹਨ। ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲੀਸ ਵੱਲੋਂ ਕਈ ਤਸ਼ੱਦਦ ਕੀਤੇ ਗਏ। ਸ਼ਾਂਤੀ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ, ਉਨ੍ਹਾਂ ’ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ ਅਤੇ ਲਾਠੀਚਾਰਜ ਤੱਕ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਇਸ ਤਸ਼ੱਦਦ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਅੰਗਰੇਜ਼ ਸਰਕਾਰ ਵੱਲੋਂ ਕੀਤੇ ਜਾਂਦੇ ਜਬਰ-ਜ਼ੁਲਮ ਵਾਂਗ ਹੀ ਹੈ।
ਜਥੇਦਾਰ ਨੇ ਕਿਹਾ ਕਿ ਆਪਣੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਸ਼ਾਂਤੀਪੂਰਵਕ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ ’ਤੇ ਠੰਢ ਵਿੱਚ ਪਾਣੀ ਦੀਆਂ ਬੌਛਾਰਾਂ ਕਰਨਾ ਧੱਕੇਸ਼ਾਹੀ ਦੀ ਹੱਦ ਹੈ। ਉਨ੍ਹਾਂ ਕਿਹਾ ਕਿ ਜੇ ਲੋਕਪਾਲ ਬਿੱਲ ਲਈ ਦਿੱਲੀ ਵਿੱਚ ਇੰਨਾ ਵੱਡਾ ਸੰਘਰਸ਼ ਕੀਤਾ ਜਾ ਸਕਦਾ ਹੈ ਤਾਂ ਫਿਰ ਦੇਸ਼ ਦੇ ਕਿਸਾਨ ਆਪਣੀ ਆਵਾਜ਼ ਦਿੱਲੀ ਜਾ ਕੇ ਕੇਂਦਰ ਸਰਕਾਰ ਅਤੇ ਸੰਸਦ ਤੱਕ ਕਿਉਂ ਨਹੀਂ ਪਹੁੰਚਾ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸੰਘਰਸ਼ ਨੂੰ ‘ਦਿੱਲੀ ਬਨਾਮ ਪੰਜਾਬ’ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਸੁਚੇਤ ਹੋਣ ਦੀ ਲੋੜ ਹੈ। ਇਹ ਕਿਸਾਨਾਂ ਦੀ ਲੜਾਈ ਹੈ, ਜਿਸ ਵਿੱਚ ਪੰਜਾਬ, ਹਰਿਆਣਾ, ਯੂਪੀ ਤੇ ਸਮੇਤ ਹੋਰ ਕਿਸਾਨ ਵੀ ਸ਼ਾਮਲ ਹਨ। ਪਹਿਲਾਂ ਵੀ ਪੰਜਾਬ ਵਿਚ ਪਾਣੀਆਂ, ਰਾਜਧਾਨੀ ਤੇ ਹੋਰ ਮਾਮਲਿਆਂ ਨੂੰ ਲੈ ਕੇ ਹੋਏ ਸੰਘਰਸ਼ ਨੂੰ ਦਿੱਲੀ ਬਨਾਮ ਪੰਜਾਬ ਬਣਾਇਆ ਗਿਆ ਸੀ, ਜਿਸ ਦੇ ਮਾੜੇ ਸਿੱਟੇ ਨਿਕਲੇ ਸਨ। ਹੁਣ ਮੁੜ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸੰਘਰਸ਼ਕਾਰੀ ਕਿਸਾਨਾਂ ਲਈ ਅਰਦਾਸ ਕਰਨਗੇ।
ਦੱਸਣਯੋਗ ਹੈ ਕਿ ਕਿਸਾਨ ਦਿੱਲੀ ਦੇ ਕੁੰਡਲੀ ਬਾਰਡਰ ਤੱਕ ਪਹੁੰਚ ਗਏ ਹਨ। ਪਰ ਉਥੇ ਵੀ ਕਿਸਾਨਾਂ ਨਾਲ ਦਿੱਲੀ ਪੁਲਿਸ ਵੱਲੋਂ ਗਲਤ ਵਤੀਰਾ ਅਪਣਾਇਆ ਗਿਆ ਅਤੇ ਬਿਨਾਂ ਕਿਸੇ ਗੱਲ ਦੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਹਾਲਾਂਕਿ ਕਿਸਾਨ ਦਾ ਕਹਿ ਰਹੇ ਸਨ ਕਿ ਉਹ ਪਿਆਰ ਨਾਲ ਹੀ ਗੱਲ ਕਰਨਗੇ ਪਰ ਇਸ ਤੋਂ ਪਹਿਲਾਂ ਵੀ ਦਿੱਲੀ ਪੁਲਿਸ ਨੇ ਉਨ੍ਹਾਂ ’ਤੇ ਹੰਝੂ ਗੈਸ ਦੇ ਗੋਲੇ ਛੱਡ ਦਿੱਤੇ।