There will be no Nagar Kirtan : ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਇਸ ਵਾਰ ਕਿਸੇ ਵੀ ਤਰ੍ਹਾਂ ਦਾ ਵੱਡਾ ਇਕੱਠ ਨਾ ਕਰਦੇ ਹੋਏ ਸਰਹਿੰਦ ਫਤਿਹ ਦਿਵਸ ਮੌਕੇ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ ਅਤੇ ਇਨ੍ਹਾਂ ਸਮਾਗਮਾਂ ਦੌਰਾਨ ਵੀ ਸੰਗਤਾਂ ਦੀ ਸ਼ਮੂਲੀਅਤ ਨਹੀਂ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਸਰਹਿੰਦ ਫਤਿਹ ਦਿਵਸ ਨੂੰ ਸਮਰਿਪਤ ਗੁਰਦੁਆਰਾ ਸਾਹਿਬ ਚਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਫਤਿਹ ਮਾਰਚ ਰੂਪੀ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਨਹੀਂ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ, ਜਿਸ ਦਾ ਸਿੱਧਾ ਪ੍ਰਸਾਰਣ ਵੱਖ-ਵੱਖ ਚੈਨਲਾਂ ਰਾਹੀਂ ਹੋਵੇਗਾ ਤਾਂ ਜੋ ਸੰਗਤਾਂ ਇਨ੍ਹਾਂ ਸਮਾਗਮਾਂ ਨਾਲ ਘਰ ਬੈਠਿਆਂ ਜੁੜ ਸਕਣ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਵਿਚ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸਾਹਿਬ ਚਪੜਚਿੜੀ ਵਿਖੇ 10 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 12 ਮਈ ਨੂੰ ਪਾਇਆ ਜਾਵੇਗਾ।
ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 12 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 14 ਮਈ ਨੂੰ ਭੋਗ ਪਾਏ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਕੇਵਲ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮ ਹੀ ਸ਼ਾਮਲ ਹੋਣਗੇ। ਇਨ੍ਹਾਂ ਸਮਾਗਮਾਂ ਸਮੇਂ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਆਪਸੀ ਦੂਰੀ ਨੂੰ ਯਕੀਨੀ ਬਣਾ ਕੇ ਰਖਿਆ ਜਾਵੇਗਾ।