Thousands of migrant workers : ਪੰਜਾਬ ਵਿੱਚ ਉਦਯੋਗ ਅਤੇ ਖੇਤੀਬਾੜੀ ਸੈਕਟਰ ਵਿੱਚ ਆਰਜ਼ੀ ਰੋਜ਼ਗਾਰ ਹਾਸਲ ਕਰਨ ਲਈ ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਪੂਰਬੀ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਾਮੇ ਆਉਂਦੇ ਹਨ ਪਰ ਲੌਕਡਾਊਨ ਕਾਰਨ ਉਹ ਇਥੇ ਹੀ ਫਸ ਗਏ। ਕਲ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਢੁਕਵੇਂ ਇੰਤਜ਼ਾਮ ਕਰਨ ਲਈ ਰੇਲਵੇ ਮੰਤਰਾਲੇ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ ਕਿਉਂ ਜੋ ਪੰਜਾਬ ਵਿੱਚ ਫਸੇ ਪ੍ਰਵਾਸੀ ਕਾਮੇ ਆਪਣੇ ਜੱਦੀ ਸਥਾਨਾਂ ’ਤੇ ਵਾਪਸ ਮੁੜਨ ਲਈ ਬੇਚੈਨ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ਵਿੱਚ ਭੇਜਣ ਲਈ 5 ਮਈ ਤੋਂ 10-15 ਦਿਨ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕਰਨ ਵਾਸਤੇ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਵੀ ਮੰਗ ਕੀਤੀ ਸੀ।
ਅੱਜ ਲੁਧਿਆਣਾ ਤੋ ਹਜਾਰਾਂ ਦੀ ਗਿਣਤੀ ਵਿੱਚ ਪ੍ਰਵਾਸੀ ਮਜਦੂਰ ਪੈਦਲ ਹੀ ਯੂਪੀ ਵੱਲ ਨਿੱਕਲੇ। ਖੰਨਾ ਵਿਖੇ ਹਜਾਰਾਂ ਪ੍ਰਵਾਸੀ ਮਜ਼ਦੂਰਾਂ ਦਾ ਕਾਫ਼ਿਲਾ ਪਹੁੰਚਿਆ। ਜਿੱਥੇ ਇੱਕ ਪਾਸੇ ਸਰਕਾਰ ਪ੍ਰਵਾਸੀਆਂ ਨੂੰ ਟ੍ਰੇਨ ‘ਚ ਭੇਜਣ ਦੀ ਗੱਲ ਕਰ ਰਹੀ ਹੈ, ਉੱਥੇ ਦੂਸਰੇ ਪਾਸੇ ਮਜ਼ਦੂਰਾਂ ਨੇ ਕੋਈ ਵੀ ਸੁਵਿਧਾ ਨਾ ਮਿਲਣ ਦੀ ਗੱਲ ਕਹੀ ਹੈ। ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਵਿਚ ਰੋਜ਼ਗਾਰ ਹਾਸਲ ਕਰਨ ਲਈ ਇਥੇ ਆਉਂਦੇ ਹਨ ਪਰ ਲੌਕਡਾਊਨ ਕਾਰਨ ਨਾਂ ਤਾਂ ਉਨ੍ਹਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ ਤੇ ਨਾ ਹੀ ਦੋ ਵਕਤ ਦੀ ਰੋਟੀ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਵਾਪਸ ਆਪਣੇ ਸੂਬਿਆਂ ਵਿਚ ਭੇਜਣ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਕੋਈ ਵੀ ਪੁਖਤਾ ਪ੍ਰਬੰਧ ਸਰਕਾਰ ਵਲੋਂ ਨਹੀਂ ਕੀਤੇ ਗਏ। ਇਸ ਕਾਰਨ ਅੱਜ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਦਾ ਕਾਫਲ ਲੁਧਿਆਣੇ ਤੋਂ ਤੁਰਿਆ ਤਾਂ ਜੋ ਉਹ ਵਾਪਸ ਆਪਣੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਣ।