Three more medical colleges : ਅੰਮ੍ਰਿਤਸਰ: ਪੰਜਾਬ ਵਿਚ ਛੇਤੀ ਹੀ 1200 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮੈਡੀਕਲ ਕਾਲਜ ਅਤੇ ਅੰਮ੍ਰਿਤਸਰ ਵਿਚ ਸਟੇਟ ਕੈਂਸਰ ਇਸੰਟੀਚਿਊਟ ਖੋਲ੍ਹੇ ਜਾਣਗੇ। ਇਸ ਦਾ ਐਲਾਨ ਅੱਜ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਚ ਆਜ਼ਾਦੀ ਦਿਹਾੜੇ ‘ਤੇ ਤਿਰੰਗਾ ਲਹਿਰਾਉਣ ਮੌਕੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਕਾਲਜ ਮੁਹਾਲੀ, ਕਪੂਰਥਲਾ ਤੇ ਹੁਸ਼ਿਆਰਪੁਰ ਵਿਚ ਖੋਲ੍ਹੇ ਜਾ ਰਹੇ ਹਨ ਅਤੇ ਅੰਮ੍ਰਿਤਸਰ ਵਿਚ 120 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਏਮਜ਼ ਬਠਿੰਡਾ ਨੂੰ ਵੀ ਚਾਲੂ ਕਰ ਦਿੱਤਾ ਗਿਆ ਹੈ ਅਤੇ ਇਸ ਵਿਚ ਐਮ ਬੀ ਬੀ ਐਸ ਦੇ ਦਾਖਲੇ ਵੀ ਸ਼ੁਰੂ ਹੋ ਚੁੱਕੇ ਹਨ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿਚ ਪੀ ਜੀ ਆਈ ਦਾ ਸੈਟੇਲਾਈਟ ਕੇਂਦਰ ਸਥਾਪਿਤ ਕਰਨ ਲਈ ਜ਼ਮੀਨ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਵਿਚ 850 ਅਸਾਮੀਆਂ, ਜਿੰਨਾ ਵਿਚ ਡਾਕਟਰ, ਨਰਸਾਂ ਤੇ ਹੋਰ ਸਟਾਫ ਵੀ ਸ਼ਾਮਿਲ ਹਨ, ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਚ ਹੁਣ ਤੱਕ ਤਿੰਨ ਹੀ ਮੈਡੀਕਲ ਕਾਲਜ ਹਨ ਅਤੇ ਨਵੇਂ ਕਾਲਜ ਖੁੱਲਣ ਨਾਲ ਇਹ ਸੰਖਿਆ ਦੁੱਗਣੀ ਹੋ ਜਾਵੇਗੀ, ਜਿੱਥੇ ਬੱਚੇ ਡਾਕਟਰੀ ਦੀ ਪੜ੍ਹਾਈ ਵੀ ਕਰਨਗੇ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਵੀ ਮਿਲਣਗੀਆਂ।