ਚੰਡੀਗੜ੍ਹ : ਆਰ.ਟੀ.ਏ. ਦਫ਼ਤਰ ਬਠਿੰਡਾ ਦੇ ਕੰਮਕਾਜ ਵਿਰੁੱਧ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਚੱਲਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਨੇ ਅੱਜ ਰੀਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.), ਬਠਿੰਡਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਦਫ਼ਤਰ ਦੇ ਰਿਕਾਰਡ ਵਿੱਚ ਕਮੀਆਂ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਪਾਈਆਂ। ਉਨ੍ਹਾਂ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਵਿਕਾਸ ਗਰਗ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਆਰ.ਟੀ.ਏ ਦਫ਼ਤਰ ਬਠਿੰਡਾ ਵਿੱਚ ਪਿਛਲੇ ਕਈ ਦਿਨਾਂ ਤੋਂ ਬੇਨਿਯਮੀਆਂ ਦੀਆਂ ਖ਼ਬਰਾਂ ਆ ਰਹੀਆਂ ਹਨ, ਉਨ੍ਹਾਂ ਕਿਹਾ ਕਿ ਦਫ਼ਤਰ ਵੱਲੋਂ ਤਿਆਰ ਕੀਤੇ ਬੱਸਾਂ ਦੇ ਟਾਈਮ ਟੇਬਲ ਵਿੱਚ ਬੇਨਿਯਮੀਆਂ ਹੋਈਆਂ ਹਨ, ਕਈ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਹਨ। ਬੱਸ ਆਪਰੇਟਰਾਂ ਨੂੰ ਪਰਮਿਟ ਨਹੀਂ ਦਿੱਤੇ ਗਏ ਅਤੇ ਕਈ ਆਪਰੇਟਰਾਂ ਨੂੰ ਸਮਾਂ ਸਾਰਣੀ ਵਿੱਚ ਬਣਦੀ ਥਾਂ ਨਹੀਂ ਦਿੱਤੀ ਗਈ।
ਉਨ੍ਹਾਂ ਦੱਸਿਆ ਨਿੱਜੀ ਬੱਸ ਆਪਰੇਟਰਾਂ ਵੱਲੋਂ ਆਰ.ਟੀ.ਏ. ਦਫ਼ਤਰ ‘ਤੇ ਕਬਜ਼ਾ ਕਰਨ ਦੀਆਂ ਰਿਪੋਰਟਾਂ ਵੀ ਉਦੋਂ ਸੱਚ ਸਾਬਤ ਹੋਈਆਂ ਜਦੋਂ ਅਚਨਚੇਤ ਚੈਕਿੰਗ ਦੌਰਾਨ ਨਿਊ ਦੀਪ, ਔਰਬਿਟ ਅਤੇ ਹੋਰ ਪ੍ਰਾਈਵੇਟ ਬੱਸ ਆਪਰੇਟਰਾਂ ਦੇ ਕਰਮਚਾਰੀ ਉੱਥੇ ਬੈਠੇ ਪਾਏ ਗਏ। ਟਰਾਂਸਪੋਰਟ ਮੰਤਰੀ ਸ.ਭੁੱਲਰ ਨੇ ਦਫ਼ਤਰੀ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੇਨਿਯਮੀਆਂ ਅਤੇ ਕਮੀਆਂ ਨੂੰ ਤੁਰੰਤ ਦਰੁਸਤ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਗਲਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਟਰਾਂਸਪੋਰਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਕੰਮਾਂ ਨੂੰ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਕਿਸੇ ਨੂੰ ਵੀ ਉਸਦੇ ਜਾਇਜ਼ ਹੱਕਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਬੱਸਾਂ ਦੇ ਮਾਲਕਾਂ ਨੂੰ ਨੱਥ ਪਾਈ ਜਾਵੇਗੀ ਪਰ ਕਿਸੇ ਵੀ ਅਸਲ ਚਾਲਕ ਨੂੰ ਤੰਗ ਨਹੀਂ ਕੀਤਾ ਜਾਵੇਗਾ।
ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪ੍ਰਾਈਵੇਟ ਬੱਸ ਅਪਰੇਟਰਾਂ ਦੀਆਂ ਵਧੀਕੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ. ਭੁੱਲਰ ਨੇ ਅਜਿਹੇ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਬਠਿੰਡਾ ਬੱਸ ਸਟੈਂਡ ਦੇ ਕੰਮਕਾਜ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਬੱਸ ਸਟੈਂਡ ‘ਤੇ ਸਫਾਈ, ਪੀਣ ਵਾਲੇ ਪਾਣੀ, ਪਖਾਨੇ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਯਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਵੀਡੀਓ ਲਈ ਕਲਿੱਕ ਕਰੋ -: