ਚੰਡੀਗੜ੍ਹ : ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਮਨੁੱਖਤਾ ਲਈ ਆਪਣਾ ਜੀਵਨ ਬਿਤਾਉਣ ਵਾਲੇ ਸਮਾਜ ਸੇਵੀ ਪਦਮਸ਼੍ਰੀ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰਖਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਨੂੰ ਮਨਜ਼ੂਰੀ ਦੇ ਦਿੱਤੀ।
ਸੀ.ਐੱਮ. ਮਾਨ ਨੇ ਕਿਹਾ ਕਿ ਇਹ ਕਦਮ ਉੱਘੇ ਸਮਾਜ ਸੇਵੀ ਭਗਤ ਪੂਰਨ ਸਿੰਘ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਭਗਤ ਜੀ ਨੇ ਆਪਣੇ ਜੀਵਨ ਦੌਰਾਨ ਪਛੜੇ ਵਰਗਾਂ ਦੀ ਨਿਸਵਾਰਥ ਸੇਵਾ ਕੀਤੀ ਅਤੇ ਉਨ੍ਹਾਂ ਦੀ ਮਨੁੱਖਤਾ ਪ੍ਰਤੀ ਸੇਵਾ ਭਾਵਨਾ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਹਨਾਂ ਦੀ ਬੇਮਿਸਾਲ ਸੇਵਾ ਨੂੰ ਮਾਨਤਾ ਦਿੰਦਿਆਂ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਪਦਮ ਸ੍ਰੀ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਦ੍ਰੌਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਕਹਿ ਬੁਰੇ ਫਸੇ ਅਧੀਰ ਰੰਜਨ, ਮੰਗੀ ਮਾਫੀ, ਬੋਲੇ- ‘ਮੇਰੇ ਮੂੰਹੋਂ ਨਿਕਲ ਗਿਆ ਸੀ’
ਦੱਸਣਯੋਗ ਹੈ ਕਿ ਭਗਤ ਪੂਰਨ ਸਿੰਘ ਨੇ ਸਾਰੀ ਜ਼ਿੰਦਗੀ ਬ੍ਰਹਮਚਾਰੀ ਰਹਿ ਕੇ ਦੀਨ, ਦੁਖੀਆਂ, ਰੋਗੀਆਂ ਅਤੇ ਅਪਾਹਿਜਾਂ ਦੀ ਸੇਵਾ ਵਿੱਚ ਆਪਣਾ ਜੀਵਨ ਅਰਪਣ ਕੀਤਾ। ਉਨ੍ਹਾਂ ਦਾ ਆਦਰਸ਼ ਸੀ ਕਿ ਹਰੇਕ ਬੰਦਾ ਹੱਥੀਂ ਕੰਮ ਕਰੇ, ਘਰੇਲੂ ਦਸਤਕਾਰੀਆਂ ਅਪਣਾਏ, ਦਰਖ਼ਤ ਲਾਏ, ਅਪਾਹਜ ਲੋੜਵੰਦਾਂ ਦੀ ਸਹਾਇਤਾ ਕਰੇ। ਉਨ੍ਹਾਂ ਨੂੰ ਅਨੇਕਾਂ ਸੰਸਥਾਵਾਂ ਅਤੇ ਭਾਰਤ ਸਰਕਾਰ ਵੱਲੋਂ ਮਾਨ-ਸਨਮਾਨ ਪ੍ਰਾਪਤ ਹੋਇਆ। 1981 ਈ. ਵਿੱਚ ‘ਪਦਮਸ੍ਰੀ’ ਐਵਾਰਡ, 1990 ਈ. ਵਿੱਚ ਹਾਰਮਨੀ ਐਵਾਰਡ, 1991 ਈ. ਵਿੱਚ ਰੋਗ ਰਤਨ ਐਵਾਰਡ ਅਤੇ 1991 ਵਿੱਚ ਭਾਈ ਘਨ੍ਹੱਈਆ ਐਵਾਰਡ ਮਿਲੇ। ਭਗਤ ਪੂਰਨ ਸਿੰਘ ਦੇ ਦਿਲ ਨੂੰ ਸਾਕਾ ਨੀਲਾ ਤਾਰਾ ਦੀ ਦੁਖਦਾਇਕ ਘਟਨਾ ਤੋਂ ਏਨਾ ਸਦਮਾ ਪਹੁੰਚਿਆ ਕਿ ਇਨ੍ਹਾਂ ਨੇ ਰੋਸ ਵਜੋਂ ਪਦਮ ਵਿਭੂਸ਼ਨ ਐਵਾਰਡ ਵਾਪਿਸ ਕਰ ਦਿੱਤਾ।
ਭਗਤ ਪੂਰਨ ਸਿੰਘ ਨੇ ਆਪਣਾ ਅਖ਼ੀਰਲਾ ਸਮਾਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੱਗੇ ਬੈਠ ਕੇ ਸੰਗਤ ਨੂੰ ਮਾਨਵ ਸੇਵਾ, ਪਰਉਪਕਾਰ ਅਤੇ ਵਾਤਾਵਰਨ ਸੰਭਾਲ ਵੀ ਪ੍ਰੇਰਦਿਆਂ ਬਤੀਤ ਕੀਤਾ। ਅਖੀਰ ਦੈਵੀ ਪੁਰਸ਼ ਭਗਤ ਪੂਰਨ ਸਿੰਘ 5 ਅਗਸਤ, 1992 ਨੂੰ ਸਦੀਵੀ ਵਿਛੋੜਾ ਦੇ ਗਏ।
ਵੀਡੀਓ ਲਈ ਕਲਿੱਕ ਕਰੋ -: