Two deaths and new corona : ਪੰਜਾਬ ’ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਗੁਰਦਾਸਪੁਰ ਜ਼ਿਲੇ ਵਿਚ ਕੋਰੋਨਾ ਨਾਲ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਆਈ ਹੈ, ਉਥੇ ਹੀ ਗੁਰਦਾਸੁਪਰ ਤੇ ਬਰਨਾਲਾ ਜ਼ਿਲੇ ਵਿਚੋਂ 33-33 ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਦੀ ਰਹਿਣ ਵਾਲੀ ਇਕ 52 ਸਾਲਾ ਔਰਤ ਅਤੇ ਬਟਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਹਸਪਤਾਲ ਵਿਚ ਦਮ ਤੋੜ ਦਿੱਤਾ। ਉਥੇ ਹੀ ਅੱਜ ਜਿਹੜੇ ਮਾਮਲੇ ਸਾਹਮਣੇ ਆਏ ਹਨ ਉਨ੍ਹਾਂ ਵਿੱਚੋਂ ਵਧੇਰੇ 23 ਮਾਮਲੇ ਬਟਾਲਾ ਤੋਂ ਹੀ ਹਨ
ਉਧਰ ਬਰਨਾਲਾ ਜ਼ਿਲੇ ਤੋਂ ਵੀ ਪਹਿਲੀ ਵਾਰ ਇੰਨੀ ਵੱਡੀ ਗਿਣਤੀ ਵਿਚ 33 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅੱਜ ਸਾਹਮਣੇ ਆਏ ਮਾਮਲਿਆਂ ਵਿਚ 25 ਮਰਦਾਂ ਅਤੇ 8 ਔਰਤਾਂ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਮਰੀਜ਼ਾਂ ਦੇ ਮਿਲਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 177 ਹੋ ਗਈ ਹੈ ਜਿਨ੍ਹਾਂ ਵਿਚੋਂ 77 ਲੋਕ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੱਸ ਦੇਈਏ ਕਿ ਹੁਣ ਤੱਕ ਕੋਰੋਨਾ ਨਾਲ ਜ਼ਿਲੇ ਵਿਚ 3 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰ ਵੱਲੋਂ ਛੋਟਾਂ ਮਿਲਣ ਤੋਂ ਬਾਅਦ ਹੁਣ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤੱਕ ਸੂਬੇ ਵਿਚ 14000 ਤੋਂ ਵਧ ਮਾਮਲੇ ਸਾਹਮਣੇ ਆ ਚੁੱਕੇ ਹਨ, ਉਥੇ ਹੀ ਕੋਰੋਨਾ ਨਾਲ ਹੁਣ ਤੱਕ 348 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਸਮੇਂ ਸਭ ਤੋਂ ਵੱਧ ਮਾਮਲੇ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਜ਼ਿਲੇ ਤੋਂ ਸਾਹਮਣੇ ਆ ਰਹੇ ਹਨ।