Two new Covid-19 Patients : ਪੰਜਾਬ ਵਿਚ ਕੋਰੋਨਾ ਦਾ ਕਹਿਰ ਘਟਦਾ ਨਜ਼ਰ ਨਹੀਂ ਆ ਰਿਹਾ। ਵੱਖ-ਵੱਖ ਜ਼ਿਲਿਆਂ ਵਿਚੋਂ ਇਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਦੋ ਹੋਰ ਪਾਜ਼ੀਟਿਵ ਮਾਮਲੇ ਮਿਲੇ ਹਨ, ਜਿਨ੍ਹਾਂ ਵਿਚੋਂ ਇਕ ਮਰੀਜ਼ ਗਿੱਦੜਬਾਹਾ ਨਾਲ ਸਬੰਧਤ ਹਨ। ਮਿਲੀ ਜਾਣਕਾਰੀ ਮੁਤਾਬਕ ਗਿੱਦੜਬਾਹਾ ਤੋਂ ਇਕ 70 ਸਾਲਾ ਔਰਤ ਦੀ ਰਿਪੋਰਟ ਫਰੀਦਕੋਟ ’ਚ ਕੋਰੋਨਾ ਪਾਜ਼ੀਟਿਵ ਆਈ ਹੈ। ਦੂਸਰਾ ਮਾਮਲਾ ਪਿੰਡ ਮਹਾਬਧਰ ਤੋਂ ਹੈ, ਜਿਥੇ 45 ਸਾਲਾ ਔਰਤ ਜੋਕਿ ਫਰੀਦਕੋਟ ’ਚ ਹੀ ਇਲਾਜ ਵਾਸਤੇ ਗਈ ਸੀ, ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲੇ ਵਿਚ ਪੰਜ ਮਾਮਲੇ ਸਾਹਮਣੇ ਆਏ ਸਨ, ਜਿਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਾਰਾਇਣ ਸਿੰਘ ਨੇ ਕੀਤੀ ਸੀ। ਦੱਸ ਦੇਈਏ ਕਿ ਹੁਣ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 156 ਤੱਕ ਪਹੁੰਚ ਗਈ ਹੈ। ਜਿਨ੍ਹਾਂ ਵਿਚੋਂ 139 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਹੁਣ ਤੱਕ ਸ੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਨਾਲ ਜੰਗ ਲੜਦੇ ਹੋਏ ਇਕ ਵਿਅਕਤੀ ਜਾਨ ਗੁਆ ਗੁਆ ਚੁੱਕਾ ਹੈ।
ਦੱਸ ਦੇਈਏ ਕਿ ਕੋਰੋਨਾ ਪੀੜਤਾਂ ਦੀ ਗਿਣਤੀ ਸੂਬੇ ਵਿਚ ਲਗਾਤਾਰ ਵਧਦੀ ਜਾ ਰਹੀ ਹੈ। ਬੀਤੇ ਦਿਨ ਸਾਹਮਣੇ ਆਏ ਅੰਕੜਿਆਂ ਮੁਤਾਬਕ ਹੁਣ ਤੱਕ ਪੰਜਾਬ ਵਿਚ ਕੋਰੋਨਾ ਦੇ 8207 ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ 328 ਲੋਕਾਂ ਦੀ ਰਿਪੋਰਟ ਸੂਬੇ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਸੂਬੇ ਵਿਚ ਤੇਜ਼ੀ ਨਾਲ ਵਧਦੇ ਮਾਮਲਿਆਂ ਨੇ ਸਰਕਾਰ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ। ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਅਣਗਹਿਲੀਆਂ ਇਸ ਮਹਾਮਾਰੀ ਵਿਚ ਹੋਰ ਵੀ ਵਾਧਾ ਕਰ ਰਹੀਆਂ ਹਨ। ਬੀਤੇ ਪੰਜ ਦਿਨਾਂ ਵਿਚ ਹੀ ਕੋਰੋਨਾ ਦੇ 1000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।