Two New Positive Cases of Corona : ਸੂਬੇ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਫਿਰ ਬਠਿੰਡਾ ਤੋਂ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਥੇ ਦੋ ਵਿਅਕਤੀਆਂ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਇਕ ਵਿਅਕਤੀ ਐਨਆਰਆਈ ਹੈ ਅਤੇ ਦੂਸਰਾ ਵਿਅਕਤੀ ਕੁਝ ਦਿਨ ਪਹਿਲਾਂ ਦਿੱਲੀ ਤੋਂ ਹੋ ਕੇ ਪੰਜਾਬ ਆਇਆ ਹੈ। ਜ਼ਿਕਰਯੋਗ ਹੈ ਕਿ ਅੱਜ ਸਿਹਤ ਵਿਭਾਗ ਵੱਲੋਂ ਲਏ ਗਏ ਸੈਂਪਲਾਂ ਵਿਚੋਂ 143 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 218 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਦੱਸਣਯੋਗ ਹੈ ਕਿ ਭਾਰਤ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ ਤੋਂ ਵੀ ਵੱਧ ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿਚ 8 ਹਜ਼ਾਰ 909 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 24 ਘੰਟਿਆਂ ਵਿਚ ਇਸ ਖਤਰਨਾਕ ਬੀਮਾਰੀ ਕਾਰਨ 217 ਲੋਕ ਮੌਤ ਦੇ ਮੂੰਹ ਵਿਚ ਚਲੇ ਗਏ ਹਨ। ਉਥੇ ਹੀ ਪਿਛਲੇ 24 ਘੰਟਿਆਂ ਵਿਚ 4776 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ। ਹੁਣ ਦੇਸ਼ ਵਿਚ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ 2 ਲੱਖ 7 ਹਜ਼ਾਰ 615 ਹੈ। ਇਨ੍ਹਾਂ ਵਿਚੋਂ 5 ਹਜ਼ਾਰ 815 ਲੋਕ ਇਸ ਵਾਇਰਸ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਰਾਹਤ ਵਾਲੀ ਗੱਲ ਇਹ ਹੈ ਕਿ 50 ਫੀਸਦੀ ਲੋਕ ਮਤਲਬ 1,00,303 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਫਿਲਹਾਲ ਅਜੇ ਵੀ ਦੇਸ਼ ਵਿਚ ਕੋਰੋਨਾ ਦੇ 1,01,497 ਮਾਮਲੇ ਐਕਟਿਵ ਹਨ। ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੇ ਦਿਨ ਸੂਬੇ ਵਿਚ ਕੋਰੋਨਾ ਦੇ 41 ਹੋਰ ਨਵੇਂ ਪਾਜ਼ੇਟਿਵ ਕੇਸ ਵੀ 24 ਘੰਟਿਆਂ ਦੌਰਾਨ ਆਏ ਹਨ। ਇਸ ਤਰ੍ਹਾਂ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 2342 ਤਕ ਪਹੁੰਚ ਗਿਆ ਹੈ। ਇਸ ‘ਚੋਂ 2017 ਹੁਣ ਤਕ ਠੀਕ ਹੋਏ ਹਨ। ਬੀਤੇ ਦਿਨ ‘ਚ ਠੀਕ ਹੋਣ ਵਾਲਿਆਂ ਦੀ ਗਿਣਤੀ 17 ਰਹੀ ਹੈ।