Two new positive cases of Corona : ਪੰਜਾਬ ਵਿਚ ਕੋਰੋਨਾ ਨੇ ਆਪਣੇ ਪੂਰੇ ਪੈਰ ਪਸਾਰ ਲਏ ਹਨ। ਅੱਜ ਫਿਰੋਜ਼ਪੁਰ ਤੇ ਸਰਦੂਲਗੜ੍ਹ ਤੋਂ ਕੋਰੋਨਾ ਦਾ ਇਕ-ਇਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸ਼ਹਿਰ ਦੀ ਹਾਊਸਿੰਗ ਬੋਰਡ ਕਾਲੋਨੀ ਤੋਂ ਇਕ 15 ਸਾਲਾ ਅੱਲ੍ਹੜ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੜਕਾ ਕੁਝ ਦਿਨ ਪਹਿਲਾਂ ਆਪਣੇ ਮਾਤਾ-ਪਿਤਾ ਦੇ ਨਾਲ ਦਿੱਲੀ ਤੋਂ ਫਿਰੋਜ਼ਪੁਰ ਆਇਆ ਸੀ ਅਤੇ ਸਿਹਤ ਵਿਭਾਗ ਵੱਲੋਂ ਇਸ ਦੇ ਪਰਿਵਾਰ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ।
ਇਸ ਲੜਕੇ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਸ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਹਾਊਸਿੰਗ ਬੋਰਡ ਕਾਲੋਨੀ ਦੇ ਕੁਆਰਟਰਾਂ ’ਚ ਰਹਿਣ ਵਾਲੇ ਲੜਕੇ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ ਅਤੇ ਲੜਕੇ ਨੂੰ ਹਸਪਤਾਲ ਲਿਜਾਇਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਪਰਿਵਾਰ ਦਿੱਲੀ ਦਾ ਹੀ ਰਹਿਣ ਵਾਲਾ ਹੈ ਅਤੇ ਲੜਕੇ ਦੇ ਮਾਤਾ-ਪਿਤਾ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਮਰੀਜ਼ ਦੇ ਸੰਪਰਕ ਵਿਚ ਆਏ ਹੋਰ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ ਅਤੇ ਉਨ੍ਹਾਂ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ।
ਉਧਰ ਸਰਦੂਲਗੜ੍ਹ ਸ਼ਹਿਰ ਵਿਚ ਵੀ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ 23 ਸਾਲਾ ਮੁਟਿਆਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਡਾਕਟਰ ਸੋਹਣ ਲਾਲ ਅਰੋੜਾ ਨੇ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ 4 ਵਿਚ ਇਕ ਮੁਟਿਆਰ ਰਾਜ ਕੁਮਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਟਿਆਰ ਗੁੜਗਾਓਂ ਵਿਖੇ ਨੌਕਰੀ ਕਰਦੀ ਹੈ ਅਤੇ 14 ਜੂਨ ਨੂੰ ਉਹ ਆਪਣੇ ਘਰ ਵਾਪਿਸ ਆਈ ਸੀ, ਜਿਸ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਕੁਆਰੰਟਾਈਨ ਕੀਤਾ ਗਿਆ ਸੀ ਅਤੇ ਉਸ ਦੇ ਕੋਰੋਨਾ ਜਾਂਚ ਲਈ ਸੈਂਪਲ ਲੈ ਲਏ ਗਏ ਸਨ। ਅੱਜ ਉਸ ਦੀ ਰਿਪੋਰਟ ਵਿਚ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਉਕਤ ਪਾਜ਼ੀਟਿਵ ਮਰੀਜ਼ ਨੂੰ ਮਾਨਸਾ ਦੇ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚ ਦਾਖਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਦੇ ਪਰਿਵਾਰਕ ਮੈਂਬਰਾਂ ਅਤੇ ਉਸ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।