Union energy minister calls : ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਾ ਦੇ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਧਰਨੇ ਵਾਲੀਆਂ ਥਾਵਾਂ ‘ਤੇ ਕਿਸਾਨਾਂ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਅਤੇ ਇੰਟਰਨੈੱਟ ਸੇਵਾਵਾਂ ਵੀ ਠੱਪ ਕਰ ਦਿੱਤੀਆਂ ਗਈਆਂ। ਕਿਸਾਨਾਂ ਦੀ ਬਿਜਲੀ ਦੇ ਕੁਨੈਕਸ਼ਨ ਕੱਟਣ ‘ਤੇ ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ ਦਾ ਬਿਆਨ ਸਾਹਮਣੇ ਆਇਆ ਹੈ, ਜਿਨ੍ਹਾਂ ਨੇ ਇਸ ਕਾਰਵਾਈ ਨੂੰ ਬਿਲਕੁਲ ਸਹੀ ਦੱਸਿਆ ਹੈ।
ਕੇਂਦਰੀ ਮੰਤਰੀ ਨੇ ਕਿਸਾਨਾਂ ਨੇ ਧਰਨੇ ਵਾਲੀਆਂ ਥਾਵਾਂ ‘ਤੇ ਬਿਜਲੀ ਦੇ ਕਨੈਕਸ਼ਨ ਕੱਟੇ ਜਾਣ ‘ਤੇ ਕਿਹਾ ‘ਕੀ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੋਈ ਕਨੈਕਸ਼ਨ ਲਏ? ਜੇਕਰ ਨਹੀਂ, ਤਾਂ ਉਹ ਬਿਜਲੀ ਚੋਰੀ ਕਰ ਰਹੇ ਸਨ ਅਤੇ ਬਿਜਲੀ ਚੋਰੀ ਇੱਕ ਅਪਰਾਧ ਹੈ। ਪੁਲਿਸ ਵੱਲੋਂ ਬਿਜਲੀ ਦਾ ਕੁਨੈਕਸ਼ਨ ਕੱਟਣ ਦੀ ਕਾਰਵਾਈ ਸਹੀ ਹੈ। ਬਿਜਲੀ ਚੋਰੀ ਕਰਨਾ ਅਪਰਾਧ ਹੈ।
ਉਥੇ ਹੀ ਅੱਜ ਗ੍ਰਹਿ ਮੰਤਰਾਲਾ ਨੇ ਦਿੱਲੀ ਦੀਆਂ ਸਿੰਘੂ, ਗਾਜੀਪੁਰ ਅਤੇ ਟੀਕਰੀ ਸਰਹੱਦਾਂ ‘ਤੇ ਇੰਟਰਨੈੱਟ ਸੇਵਾਵਾਂ ਨੂੰ ਚੱਕਾ ਜਾਮ ਦੇ ਸੱਦੇ ਦੇ ਮੱਦੇਜ਼ਨਰ ਸ਼ਨੀਵਾਰ ਰਾਤ 12 ਵਜੇ ਤੱਕ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਗ੍ਰਹਿ ਮੰਤਰਾਲਾ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਫੈਸਲਾ ਜਨਤਕ ਸੁਰੱਖਿਆ ਨੂੰ ਬਣਾਈ ਰੱਖਣ ਲਈ ਲਿਆ ਗਿਆ ਹੈ। ਦੱਸਣਯੋਗ ਹੈ ਕਿ ਦਿੱਲੀ ਸਰਹੱਦ ‘ਤੇ ਧਰਨੇ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਗਾਉਣ, ਅਧਿਕਾਰੀਆਂ ਵੱਲੋਂ ਕਥਿਤ ਤੌਰ ‘ਤੇ ਤੰਗ ਕੀਤੇ ਜਾਣ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਦੁਪਹਿਰ 12 ਤੋਂ 3 ਵਜੇ ਤੱਕ ਦੇਸ਼ ਪੱਧਰੀ ਚੱਕਾ ਜਾਮ ਦਾ ਐਲਾਨ ਕੀਤਾ ਸੀ। ਚੱਕਾ ਜਾਮ ਦਾ ਪੰਜਾਬ ਤੇ ਹਰਿਆਣਾ ਵਿੱਚ ਚੰਗਾ ਅਸਰ ਦੇਖਿਆ ਗਿਆ। ਵੱਖ-ਵੱਖ ਕਿਸਾਨ ਸੰਗਠਨਾਂ ਨਾਲ ਜੁੜੇ ਕਿਸਾਨਾਂ ਨੇ ਵੱਖ-ਵੱਖ ਥਾਵਾਂ ‘ਤੇ ਸਟੇਟ ਤੇ ਨੈਸ਼ਨਲ ਹਾਈਵੇਟ ਜਾਮ ਕੀਤੇ ਸਨ।