Union Minister Som Prakash : ਹੁਸ਼ਿਆਰਪੁਰ : ਪੰਜਾਬ ਵਿੱਚ ਭਾਜਪਾ ਨੇਤਾਵਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ਹੁਸ਼ਿਆਰਪੁਰ ਦੇ ਪਿਪਲਾਂਵਾਲਾ ਵਾਰਡ ਨੰਬਰ 18 ਵਿੱਚ ਭਾਜਪਾ ਉਮੀਦਵਾਰ ਦੇ ਸਮਰਥਨ ਵਿੱਚ ਚੋਣ ਪ੍ਰਚਾਰ ਕਰਨ ਆਏ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਕਿਸਾਨਾਂ ਨੇ ਘੇਰ ਲਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੂੰ ਜਲਦੀ ਹੀ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕਿਸਾਨਾਂ ਨੇ ਭਾਜਪਾ ਨੇਤਾ ਤੀਕਸ਼ਮ ਸੂਦ ਦੇ ਘਰ ਗੋਹੇ ਦੀਆਂ ਟਰਾਲੀਆਂ ਸੁੱਟੀਆਂ ਸਨ। ਇਸ ਮਾਮਲੇ ਵਿੱਚ ਇੱਕ ਪੁਲਿਸ ਕੇਸ ਵੀ ਹੋਇਆ ਹੈ। ਕਿਸਾਨਾਂ ਨੇ ਕਿਹਾ ਸੀ ਕਿ ਭਾਜਪਾ ਆਗੂ ਗਲਤ ਬਿਆਨਬਾਜ਼ੀ ਕਰ ਰਹੇ ਹਨ, ਇਸ ਲਈ ਉਨ੍ਹਾਂ ਨੇ ਵਿਰੋਧ ਕਰਨ ਦਾ ਇਹ ਤਰੀਕਾ ਅਪਣਾਇਆ ਹੈ।
ਪੰਜਾਬ ਵਿੱਚ ਕਿਸਾਨ ਪਹਿਲਾਂ ਵੀ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧ ਕਰ ਚੁੱਕੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਜਦੋਂ ਤੱਕ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ, ਪੰਜਾਬ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ। ਹਾਲਾਂਕਿ, ਇਨ੍ਹਾਂ ਘਟਨਾਵਾਂ ਤੋਂ ਬਾਅਦ ਪੁਲਿਸ ਨੇ ਭਾਜਪਾ ਨੇਤਾਵਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਹੈ।