US 1800 more deaths: ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਇੱਥੇ ਪਿਛਲੇ 24 ਘੰਟਿਆਂ ਵਿੱਚ 1813 ਲੋਕਾਂ ਦੀਆਂ ਜਾਨਾਂ ਗਈਆਂ ਹਨ। ਜਿਸ ਤੋਂ ਬਾਅਦ ਇੱਥੇ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 84 ਹਜ਼ਾਰ ਨੂੰ ਪਾਰ ਕਰ ਗਿਆ ਹੈ, ਜੋ ਕਿ ਦੁਨੀਆ ਵਿਚ ਸਭ ਤੋਂ ਜ਼ਿਆਦਾ ਹੈ । ਜੇਕਰ ਇੱਥੇ ਕੁੱਲ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਲਗਭਗ 1.4 ਮਿਲੀਅਨ ਲੋਕ ਅਜੇ ਵੀ ਅਮਰੀਕਾ ਵਿੱਚ ਇਸ ਵਾਇਰਸ ਦੀ ਚਪੇਟ ਵਿੱਚ ਹਨ।
ਇੱਕ ਪਾਸੇ ਇੱਥੇ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਤਾਂ ਉੱਥੇ ਹੀ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਖੋਲ੍ਹਣ ਦੀ ਗੱਲ ਕਰ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਸਾਰੇ ਰਾਜਾਂ ਦੇ ਰਾਜਪਾਲਾਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ । ਇਸ ਸਬੰਧੀ ਟਰੰਪ ਦਾ ਕਹਿਣਾ ਹੈ ਕਿ ਸਾਡਾ ਦੇਸ਼ ਮਹਾਂਸੰਕਟ ਤੋਂ ਉਬਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਨਹੀਂ ਖੋਲ੍ਹੇ ਗਏ ਤਾਂ ਅਜਿਹਾ ਲੱਗੇਗਾ ਕਿ ਦੇਸ਼ ਹਾਲੇ ਖੁੱਲ੍ਹਿਆ ਹੀ ਨਹੀਂ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਅਮਰੀਕੀ ਮਾਹਰ ਡਾ. ਐਂਥਨੀ ਫੌਸੀ ਨੇ ਕਿਹਾ ਸੀ ਕਿ ਅਮਰੀਕਾ ਨੂੰ ਦੇਸ਼ ਖੋਲ੍ਹਣ ਲਈ ਕਾਹਲੀ ਨਹੀਂ ਕਰਨੀ ਚਾਹੀਦੀ, ਨਹੀਂ ਤਾਂ ਤਬਾਹੀ ਆ ਸਕਦੀ ਹੈ। ਹਾਲਾਂਕਿ, ਟਰੰਪ ਨੇ ਇਸ ਸਲਾਹ ਨੂੰ ਨਜ਼ਰ ਅੰਦਾਜ਼ ਕੀਤਾ। ਪ੍ਰੈਸ ਕਾਨਫਰੰਸ ਵਿੱਚ ਡੋਨਾਲਡ ਟਰੰਪ ਨੇ ਕਿਹਾ ਕਿ ਹੁਣ ਸਕੂਲ ਖੁੱਲ੍ਹਣੇ ਚਾਹੀਦੇ ਹਨ ।
ਦੱਸ ਦੇਈਏ ਕਿ ਹੁਣ ਤੱਕ ਵਿਸ਼ਵ ਭਰ ਵਿੱਚ ਲਗਭਗ 44 ਲੱਖ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦੋਂ ਕਿ ਲਗਭਗ 3 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਹੁਤ ਸਾਰੇ ਦੇਸ਼ਾਂ ਨੇ ਹੁਣ ਲਾਕਡਾਊਨ ਵਿੱਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ।