Vigilance arrests Patwari for : ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪਟਵਾਰੀ ਨਰਿੰਦਰ ਸਿੰਘ ਸਬੰਧੀ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ’ਤੇ ਉਸ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵੱਲੋਂ ਉਸ ਕੋਲੋਂ ਇਕ ਖਰੀਦੀ ਗਈ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵੱਲੋਂ ਪਹਿਲੀ ਕਿਸ਼ਤ ਵਜੋਂ ਪੰਜ ਹਜ਼ਾਰ ਰੁਪਏ ਉਕਤ ਪਟਵਾਰੀ ਨੂੰ ਪਹਿਲਾਂ ਹੀ ਅਦਾ ਕੀਤੀ ਜਾ ਚੁੱਕੇ ਹਨ।
ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨਿਟ ਨੇ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੂਜੀ ਕਿਸ਼ਤ ਦੇ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ ਨਰਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।