Vigilance bureau caught ASI : ਲੁਧਿਆਣਾ ਜ਼ਿਲੇ ਵਿਚ ਇਕ ਭ੍ਰਿਸ਼ਟ ਪੁਲਿਸ ਮੁਲਾਜ਼ਮ ਦੇ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਮੌਕੇ ’ਤੇ ਰੰਗੇ ਹੱਥੀਂ ਦਬੋਚ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਥਾਣਾ ਪੀ.ਏ.ਯੂ ਵਿਖੇ ਤਾਇਨਾਤ ਏ.ਐਸ.ਆਈ. ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ’ਤੇ ਕਾਬੂ ਕੀਤਾ ਗਿਆ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਮਸ਼ੇਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰੀ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਏਐਸਆਈ ਗੁਰਜੀਤ ਸਿੰਘ ਵਿਰੁੱਧ ਰਿਸ਼ਵਤ ਮੰਗਣ ਦੀ ਸ਼ਿਕਾਇਤ ਕੀਤੀ ਸੀ, ਜਿਸ ’ਤੇ ਕਾਰਵਾਈ ਕਰਦਿਆਂ ਉਕਤ ਏਐਸਆਈ ਨੂੰ ਰੰਗੇ ਹੱਥੀਂ ਫੜ ਲਿਆ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਨਾਲ ਕੁੱਟਮਾਰ ਸਬੰਧੀ ਉਸ ਨੇ ਪੁਲਿਸ ’ਚ ਮਾਮਲਾ ਦਰਜ ਕਰਵਾਇਾ ਸੀ, ਜਿਸ ’ਤੇ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 70,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਉਸ ਨੂੰ 58,000 ਰੁਪਏ ਦੇਣੇ ਮੰਨੇ ਸਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਨੇ ਇਸ ਰਕਮ ਦੀ ਪਹਿਲੀ ਕਿਸ਼ਤ 30,000 ਰੁਪਏ ਏ.ਐਸ.ਆਈ ਨੂੰ ਪਹਿਲਾਂ ਹੀ ਦੇ ਦਿੱਤੀ ਸੀ ਅਤੇ ਹੁਣ ਉਸ ਨੇ ਬਾਕੀ ਦੇ ਰਹਿੰਦੇ ਪੈਸੇ ਏਐਸਆਈ ਨੂੰ ਦੇਣੇ ਸਨ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਉਕਤ ਏਐਸਆਈ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।