Vigilance nabbed Jalandhar ASI : ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਵੀਜ਼ਨ ਨੰਬਰ 6, ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਮਨਮੋਹਨ ਕ੍ਰਿਸ਼ਨ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏਐਸਆਈ ਨੂੰ ਗੁਰਦਾਸਪੁਰ ਦੇ ਰੌਬਿਨ ਵਰਮਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਟੋਲ ਫ੍ਰੀ ਨੰਬਰ ‘ਤੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਸੀ ਕਿ ਦੋਸ਼ੀ ਪੁਲਿਸ ਅਧਿਕਾਰੀ ਇੱਕ ਕੇਸ ਵਿੱਚ ਜ਼ਬਤ ਕੀਤੀ ਗਈ ‘ਸੁਪਰਦਾਰੀ ’ਤੇ ਉਸਦੀ ਕਾਰ ਨੂੰ ਜਾਰੀ ਕਰਨ ਲਈ ਉਸ ਕੋਲੋਂ 5,000 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ।
ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਕੋਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਫੜ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ ਤਹਿਤ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।