Vishal Nagar Kirtan to be decorated : ਅੰਮ੍ਰਿਤਸਰ : ਸਰਬੰਸਦਾਨੀ ਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 20 ਜਨਵਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੋਅ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕੀਤੇ ਜਾਣਗੇ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਬਾਣੀ ਦੇ ਨਾਲ 19 ਜਨਵਰੀ, ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੱਢਿਆ ਜਾਵੇਗਾ। ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਸ਼ੁਰੂ ਹੋ ਕੇ ਨਗਰ ਕੀਰਤਨ ਬ੍ਰਹਮ ਬੂਟਾ ਮਾਰਕੀਟ, ਘੰਟਾ ਘਰ, ਬਾਜ਼ਾਰ ਮਾਈ ਸੇਵਾ, ਬਾਜ਼ਾਰ ਕਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਂਸਾਂ, ਚੌਕ ਛੱਟੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਬਾਜ਼ਾਰ ਲੋਹਾਰਾਂ, ਲਛਮਣਸਰ ਚੌਂਕ, ਚੌਕ ਬਾਬਾ ਸਾਹਿਬ, ਚੌਕ ਪ੍ਰਗਦਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਸ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 20 ਜਨਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਵਿਖੇ ਦੀਵਾਨ ਸਜਾ ਕੇ ਪਾਏ ਜਾਣਗੇ। ਇਥੇ ਦੁਪਹਿਰ 1 ਵਜੇ ਤੋਂ ਦੁਪਹਿਰ 3 ਵਜੇ ਤੱਕ ਕਵੀ ਦਰਬਾਰ ਹੋਵੇਗਾ, ਜਿਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ‘ਤੇ ਕਵਿਤਾਵਾਂ ਪੇਸ਼ ਕੀਤੀਆਂ ਜਾਣਗੀਆਂ। ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਹੋਵੇਗੀ।