Weekly Online Mega Employment Fair : ਜਲੰਧਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਜਲੰਧਰ ਜ਼ਿਲ੍ਹਾ ਪ੍ਰਸਾਸ਼ਨ ਵਲੋਂ 24 ਸਤੰਬਰ ਤੋਂ 30 ਸਤੰਬਰ ਤੱਕ ਹਫਤਾਵਾਰੀ ਆਨਲਾਈਨ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ। ਇਸ ਦੌਰਾਨ ਲਗਭਗ 10 ਹਜ਼ਾਰ ਨੌਜਵਾਨਾਂ ਦੀ ਪਲੇਸਮੈਂਟ ਨਾਮੀ ਵੱਖ-ਵੱਖ ਉਦਯੋਗਿਕ ਯੂਨਿਟਾਂ ਅਤੇ ਵਪਾਰਕ ਅਦਾਰਿਆਂ ਵਲੋਂ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਸ ਮੇਲੇ ਦਾ ਲਾਹਾ ਲੈਣ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਦੇ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਰੋਜ਼ਗਾਰ ਮੇਲੇ ਲਈ ਨੌਜਵਾਨ www.pgrkam.com ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ 0181-2225791 ਅਤੇ 90569-20100 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਜੇਕਰ ਕਿਸੇ ਕੰਪਨੀ ਵਲੋਂ ਫਿਜ਼ੀਕਲ ਇੰਟਰਵਿਊ ਦੀ ਇੱਛਾ ਜਤਾਈ ਜਾਂਦੀ ਹੈ, ਤਾਂ ਉਨ੍ਹਾਂ ਲਈ ਡੀ.ਏ.ਵੀ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਲਾਇਲਪੁਰ ਖਾਲਸਾ ਕਾਲਜ ਅਤੇ ਸੀ.ਟੀ. ਗਰੁੱਪ ਆਫ ਇੰਸਟੀਟਿਊਸ਼ਨ ਸ਼ਾਹਪੁਰ ਕੈਂਪਸ ਵਿਖੇ ਇੰਟਰਵਿਊ ਦਾ ਪ੍ਰਬੰਧ ਕੀਤਾ ਜਾਵੇਗਾ, ਜਿੱਥੇ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਦੀ ਪਲੇਸਮੈਂਟ ਕਰਵਾਉਣ ਦੇ ਨਾਲ-ਨਾਲ ਆਪਣਾ ਕਾਰੋਬਾਰ ਸ਼ੁਰੂ ਕਰਨ ਵਾਲੇ ਵਿਅਕਤੀਆਂ ਲਈ ਵੀ ਰਾਹ ਪੱਧਰਾ ਕਰਨ ਵਿੱਚ ਸਹਾਈ ਸਾਬਿਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।