ਪੰਜਾਬ ਵਿੱਚ ਸਰਕਾਰ ਨੂੰ ਸਤੰਬਰ ਮਹੀਨੇ ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਨਾਲ ਸਰਕਾਰ ਦੇ ਖਜ਼ਾਨੇ ਵਿੱਚ ਵਾਧਾ ਹੋਇਆ ਹੈ। ਪਿਛਲੇ ਸਾਲ ਦੇ ਮੁਕਾਬਲੇ ਰਜਿਸਟਰੀਆਂ ਤੋਂ 18.50 ਫੀਸਦੀ ਵੱਧ ਮਾਲੀਆ ਪ੍ਰਾਪਤ ਹੋਇਆ ਹੈ।
1 ਤੋਂ 30 ਸਤੰਬਰ 2022 ਤੱਕ ਅਸ਼ਟਾਮ ਅਤੇ ਰਜਿਸਟ੍ਰੇਸ਼ਨ ਰਾਹੀਂ 301 ਕਰੋੜ 65 ਲੱਖ 64 ਹਜ਼ਾਰ 956 ਰੁਪਏ ਦੀ ਆਮਦਨ ਖ਼ਜ਼ਾਨੇ ਵਿੱਚ ਆਈ ਹੈ। ਇਹ ਰਕਮ ਪਿਛਲੇ ਸਾਲ ਸਤੰਬਰ ਦੇ ਮੁਕਾਬਲੇ 18.50 ਫੀਸਦੀ ਵੱਧ ਹੈ। ਸਾਲ 2021 ਵਿੱਚ ਇਹ ਆਮਦਨ 254 ਕਰੋੜ 54 ਲੱਖ 23 ਹਜ਼ਾਰ 153 ਰੁਪਏ ਸੀ।
ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਮੁਸ਼ਕਲ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ। ਇਹੀ ਕਾਰਨ ਹੈ ਕਿ ਸੂਬੇ ਦੀ ਆਮਦਨ ਲਗਾਤਾਰ ਵਧ ਰਹੀ ਹੈ।
ਮਾਲ ਮੰਤਰੀ ਨੇ ਦੱਸਿਆ ਕਿ ਅਗਸਤ ਮਹੀਨੇ ਵਿੱਚ ਵੀ ਪਿਛਲੇ ਸਾਲ ਦੇ ਮੁਕਾਬਲੇ 21.87 ਫੀਸਦੀ ਵੱਧ ਆਮਦਨ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹ ਆਪ ਦਫ਼ਤਰਾਂ ਦਾ ਦੌਰਾ ਕਰਦੇ ਹਨ।
ਇਹ ਵੀ ਪੜ੍ਹੋ : ਮੋਹਾਲੀ RPG ਅਟੈਕ, ਚੜਤ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ‘ਚ ਤੋਸੀਫ਼ ਚਿਸ਼ਤੀ ਰਾਜਸਥਾਨ ਤੋਂ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਲ ਵਿਭਾਗ ਵਿੱਚ ਸਾਰਾ ਕੰਮ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।
ਮਾਲ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਮਾਲ ਵਿਭਾਗ ਦੇ ਕੰਮਕਾਜ ਤੋਂ ਆਮ ਲੋਕ ਬਹੁਤ ਨਾਖੁਸ਼ ਸਨ ਪਰ ਪਿਛਲੇ 7 ਮਹੀਨਿਆਂ ਤੋਂ ਲੋਕਾਂ ਨੂੰ ਨਿਰਵਿਘਨ ਅਤੇ ਚੰਗੀਆਂ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਲੋਕ ਸਰਕਾਰੀ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਅਧਿਕਾਰੀ/ਕਰਮਚਾਰੀ ਨੂੰ ਰਿਸ਼ਵਤ ਨਾ ਦੇਣ। ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਕਰੋ।
ਵੀਡੀਓ ਲਈ ਕਲਿੱਕ ਕਰੋ -: