ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਖਿਲਾਫ ਆਈ ਸ਼ਿਕਾਇਤ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਖਿਲਾਫ ਸ਼ਿਕਾਇਤ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕਰਾਈ ਗਈ ਹੈ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ ਦੀ ਮੰਗੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਸ ਵਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਕਰ ਲਈ, ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪਿਆ ਹੈ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਥੋੜ੍ਹੀ ਦੇੇਰ ‘ਚ, ਪੰਧੇਰ ਬੋਲੇ- ‘ਪੂਰੇ ਵਿਸ਼ਵਾਸ ਨਾਲ ਜਾਵਾਂਗੇ ਕਿ ਹੱਲ ਨਿਕਲੇ’
ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ, ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।