ਹੁਸ਼ਿਆਰਪੁਰ ਵਾਸੀਆਂ ਲਈ ਵੱਡੀ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਜ਼ਿਲ੍ਹੇ ਨੂੰ ਕਈ ਵੱਡੇ ਤੋਹਫੇ ਦੇਣ ਜਾ ਰਹੇ ਹਨ। ਜ਼ਿਲ੍ਹੇ ਵਿੱਚ ਇੱਕ ਨਵਾਂ ਸਰਕਾਰੀ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ ਅਤੇ ਹੁਸ਼ਿਆਰਪੁਰ ਦੇ 23 ਪਿੰਡਾਂ ਨੂੰ ਨਵੇਂ ਖੇਡ ਮੈਦਾਨ ਮਿਲਣਗੇ। ਦੋਆਬਾ ਨੂੰ ਆਰਮੀ ਟ੍ਰੇਨਿੰਗ ਇੰਸਟੀਚਿਊਟ ਦੀ ਵੀ ਸੌਗਾਤ ਮਿਲੇਗੀ। ਇਹ ਜਾਣਕਾਰੀ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ਇੱਕ ਵਿਸ਼ਾਲ ‘ਵਿਕਾਸ ਕ੍ਰਾਂਤੀ ਰੈਲੀ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੋਆਬੇ ‘ਚ ਕਰੀਬ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ। ਇਸ ‘ਵਿਕਾਸ ਕ੍ਰਾਂਤੀ ਰੈਲੀ’ ‘ਚ 867.68 ਕਰੋੜ ਰੁਪਏ ਦੇ ਪ੍ਰੋਜੈਕਟ ਗਤੀਸ਼ੀਲ ਹੋਣਗੇ।
ਕੰਗ ਨੇ ਦੱਸਿਆ ਕਿ ਭਲਕੇ ਦੋਵੇਂ ਮੁੱਖ ਮੰਤਰੀ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ ‘ਆਪ’ ਸਰਕਾਰ ਦੋਆਬੇ ਦੇ 10 ਵਿਧਾਨ ਸਭਾ ਹਲਕਿਆਂ ਵਿੱਚ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ ਅਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੀ ਹੈ।
ਕੰਗ ਨੇ ਦੱਸਿਆ ਕਿ ਇਸ ਦੇ ਨਾਲ ਹੀ ਮਾਣਯੋਗ ਮੁੱਖ ਮੰਤਰੀ ਇੱਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ। ਹੁਸ਼ਿਆਰਪੁਰ ਦੇ ਦੋ ਪਿੰਡਾਂ ਵਿੱਚ ਵੀ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਦੇ ਨਵੇਂ ਪ੍ਰੋਜੈਕਟ ਲੱਗਣਗੇ। ਕੰਗ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿੱਚ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਪਹਿਲ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ‘ਮੈਂ ਗਾਣਾ ਗਾਉਂਦਾ ਦਿਸਿਆ’- PM ਮੋਦੀ ਨੇ ਦੱਸਿਆ ਆਪਣੇ ਡੀਪਫੇਕ ਵੀਡੀਓ ਵਾਲਾ ਕਿੱਸਾ
ਕੰਗ ਨੇ ਕਿਹਾ ਕਿ ਪੰਜਾਬ ਦਾ ਮੈਡੀਕਲ ਅਤੇ ਸਿਹਤ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ। ਸਿਹਤ ਅਤੇ ਸਿੱਖਿਆ ਸਾਡੀ ਪਾਰਟੀ ਦੇ ਦੋ ਮੁੱਖ ਏਜੰਡੇ ਹਨ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਦੋਵਾਂ ਸੈਕਟਰਾਂ ਵਿੱਚ ਕ੍ਰਾਂਤੀ ਲਿਆਂਦੀ ਅਤੇ ਹੁਣ ਸਾਡੀ ਸਰਕਾਰ ਪੰਜਾਬ ਵਿੱਚ ਵੀ ਉਹੀ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –