ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਸਕੂਲ ਮੈਨੇਜਮੈਂਟਾਂ ਨੂੰ ਬੱਸਾਂ ਦੇ ਬਕਾਇਆਂ ਦਾ ਭੁਗਤਾਨ 5 ਅਗਸਤ ਤੱਕ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸਕੂਲੀ ਵਾਹਨਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਨੂੰ 31 ਅਗਸਤ ਤੱਕ ਬਿਲਕੁਲ ਠੀਕ ਕਰਨ ਲਈ ਕਿਹਾ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸੂਬੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਸਕੂਲੀ ਬੱਸਾਂ ਦੇ ਬਕਾਏ ਦਾ ਭੁਗਤਾਨ 5 ਅਗਸਤ ਤੱਕ ਕਰਨ ਲਈ ਕਿਹਾ ਹੈ ਅਤੇ ਕਿਹਾ ਹੈ ਕਿ ਤੈਅ ਸਮੇਂ ਤੋਂ ਬਾਅਦ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਰਕਾਰ ਵੱਲੋਂ ਐਮਨੈਸਟੀ ਸਕੀਮ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੱਖ-ਵੱਖ ਸਕੂਲਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਮੰਤਰੀ ਭੁੱਲਰ ਨੇ ‘ਸੇਫ਼ ਸਕੂਲ ਵਾਹਨ ਸਕੀਮ’ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਨੂੰ 31 ਅਗਸਤ ਤੱਕ ਠੀਕ ਕੀਤਾ ਜਾਵੇ।
ਮੰਤਰੀ ਨੇ ਕਿਹਾ ਕਿ ਬੱਸਾਂ ਵਿੱਚ ਨਿਯਮਾਂ ਅਨੁਸਾਰ ਲੋੜੀਂਦੇ ਸਾਜ਼ੋ-ਸਾਮਾਨ ਦੀ ਘਾਟ ਕਾਰਨ ਵਾਪਰੀ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸਕੂਲ ਪ੍ਰਬੰਧਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਸਪੱਸ਼ਟ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਸਮੇਂ ਸਮੇਂ ਤੇ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਰਹਿਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜ਼ਬਤ ਕਰਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਟਰਾਂਸਪੋਰਟ ਮੰਤਰੀ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲੀ ਵਾਹਨਾਂ ਵਿੱਚ ਜਿਵੇਂ ਕਿ ਅੱਗ ਬੁਝਾਊ ਯੰਤਰ, ਫਸਟ-ਏਡ ਕਿੱਟ, ਸਪੀਡ ਗਵਰਨਰ, ਐਮਰਜੈਂਸੀ ਵਿੰਡੋ, ਸਕੂਲ ਬੈਗ ਰੱਖਣ, ਬੱਚਿਆਂ ਲਈ ਉਚਿਤ ਬੈਠਣ ਆਦਿ ਦਾ ਢੁੱਕਵਾਂ ਪ੍ਰਬੰਧ, ਪਰਮਿਟ ਵਰਗੇ ਨਿਯਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਬੱਸਾਂ ‘ਤੇ ਸਕੂਲ ਦਾ ਨਾਮ ਤੇ ਫ਼ੋਨ ਨੰਬਰ ਜ਼ਰੂਰ ਲਿਖਿਆ ਹੋਣਾ ਚਾਹੀਦਾ ਹੈ।