ਹੁਸ਼ਿਆਰਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਫਗਵਾੜਾ ਰੋਡ ‘ਤੇ ਪੁਰਹੀਰਾਂ ਨੇੜੇ ਬੀਤੀ ਰਾਤ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਦੋਵੇਂ ਜਣੇ ਇਕ ਹਫਤਾ ਪਹਿਲਾ ਹੀ ਕੈਨੇਡਾ ਤੋਂ ਆਏ ਸਨ। ਜਦੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਨੌਜਵਾਨ ਨੂੰ ਮ੍ਰਿਤਕ ਲਿਆਂਦਾ ਐਲਾਨਿਆ ਗਿਆ, ਉਥੇ ਹੀ ਉਸ ਦੀ ਮਾਂ ਨੂੰ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਹਾਦਸੇ ’ਚ ਇਕ ਹੋਰ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋਇਆ ਹੈ ਜਿਸ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੋਇਆਂ ਡਾਕਟਰਾਂ ਵੱਲੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ।
ਮ੍ਰਿਤਕਾਂ ਦੀ ਪਛਾਣ ਪੁੱਤ ਰੁਨਿਸ਼ ਰੰਧਾਵਾ ਪੁੱਤਰ ਰੁਪਮ ਰੰਧਾਵਾ ਅਤੇ ਮਾਂ ਨਿਸ਼ਾ ਰੰਧਾਵਾ ਪਤਨੀ ਰੁਪਮ ਰੰਧਾਵਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਰਾਤ ਕਰੀਬ 8 ਵਜੇ ਐਕਟਿਵਾ ਨੰਬਰ ਪੀ ਬੀ 07 ਬੀ ਟੀ 3567 ’ਤੇ ਸਵਾਰ ਹੋ ਕੇ ਘਰ ਤੋਂ ਬਾਹਰ ਸ਼ਹਿਰ ਵੱਲ ਨੂੰ ਆ ਰਹੇ ਸਨ। ਜਦੋਂ ਉਹ ਮੁੱਖ ਸੜਕ ’ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫਤਾਰ ਸਪਲੈਂਡਰ ਮੋਟਰਸਾਈਕਲ ਸਵਾਰ ਨੌਜਵਾਨ ਨੇ ਜ਼ੋਰਦਾਰ ਟੱਕਰ ਮਾਰ ਮਾਂ-ਪੁੱਤ ਦੀ ਤਾਂ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਅਜੇ ਪਛਾਣ ਨਹੀਂ ਹੋ ਸਕੀ।
ਪੈਟਰੋਲ ਪੰਪ ’ਤੇ ਕੰਮ ਕਰਨ ਵਾਲੇ ਮੁੰਡਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਮਗਰੋਂ ਐਂਬੂਲੈਂਸ ਕਾਫੀ ਦੇਰ ਬਾਅਦ ਘਟਨਾ ਵਾਲੀ ਥਾਂ ’ਤੇ ਪਹੁੰਚੀ ਅਤੇ ਜੇ ਐਂਬੂਲੈਂਸ ਸਹੀ ਸਮੇਂ ’ਤੇ ਪਹੁੰਚ ਜਾਂਦੀ ਤਾਂ ਸ਼ਾਇਦ ਦੋਵਾਂ ਵਿੱਚੋਂ ਕਿਸੇ ਦੀ ਜਾਨ ਬਚ ਜਾਂਦੀ।
ਇਹ ਵੀ ਪੜ੍ਹੋ : ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਮਚਿਆ ਚੀਕ-ਚਿਹਾੜਾ
ਦੂਜੇ ਪਾਸੇ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਾਂ-ਪੁੱਤ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ : –