MP Bhagwant Mann lauded : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਲ ਕੋਰੋਨਾ ਵਿਰੁੱਧ ਜੰਗ ਵਿਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਦੀ ਐਕਸਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਲੜਾਈ ਵਿਚ ਪੰਜਾਬ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਦਾ ਐਕਸਗ੍ਰੇਸ਼ੀਆ ਗ੍ਰਾਂਟ ਵਜੋਂ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮ੍ਰਿਤਕ ਕਰਮਚਾਰੀ ਭਾਵੇਂ ਰੈਗੂਲਰ ਹੋਵੇ ਜਾਂ ਠੇਕੇ ‘ਤੇ ਜਾਂ ਫਿਰ ਆਊਟਸੋਰਸ ਕੰਮ ਕਰਦਾ ਹੋਵੇ, ਉਸ ਨੂੰ ਇਹ ਸਹੂਲਤ ਪੰਜਾਬ ਸਰਕਾਰ ਵਲੋਂ ਦੇਣੀ ਯਕੀਨੀ ਹੈ। ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਐਲਾਨ ਦਾ ਸਵਾਗਤ ਕੀਤਾ ਅਤੇ ਇਸ ਨੂੰ ਮ੍ਰਿਤਕ ਡਰਾਈਵਰ ਮਨਜੀਤ ਸਿੰਘ ਦੇ ਹੱਕ ਵਿਚ ਵਿੱਢੀ ਸਾਕਾਰਾਤਮਕ ਮੁਹਿੰਮ ਦੱਸਿਆ।
ਉਨ੍ਹਾਂ ਕਿਹਾ ਕਿ ਸ੍ਰੀ ਹਜੂਰ ਸਾਹਿਬ ਵਿਖੇ ਸੰਗਤ ਨੂੰ ਲੈਣ ਜਾ ਰਹੇ ਡਰਾਈਵਰ ਮਨਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ ਸੀ ਤਾਂ ਆਮ ਆਦਮੀ ਪਾਰਟੀ ਵਲੋਂ ‘ਮੈਂ ਵੀ ਹਾਂ ਮਨਜੀਤ’ ਮੁਹਿੰਮ ਤਹਿਤ ਮਨਜੀਤ ਸਿੰਘ ਨੂੰ 50 ਲੱਖ ਰੁਪਏ ਦੀ ਰਕਮ ਦੇਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕੈਪਟਨ ਵਲੋਂ ਕੀਤੇ ਗਏ ਇਸ ਐਲਾਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਵਿਰੋਧੀ ਪਾਰਟੀ ਦਾ ਫਰਜ਼ ਬਣਦਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤਕ ਪਹੁੰਚਾਵੇ ਤਾਂ ਜੋ ਇਸ ਦਾ ਸਹੀ ਹੱਲ ਲੱਭਿਆ ਜਾ ਸਕੇ।
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਰ ਸੰਭਵ ਕੋਸ਼ਿਸ਼ ਰਹਿੰਦੀ ਹੈ ਕਿ ਮੁਸ਼ਕਿਲ ਦੀ ਘੜੀ ਵਿਚ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਤੇ ਜੇਕਰ ਉਨ੍ਹਾਂ ਨਾਲ ਸਰਕਾਰ ਵਲੋਂ ਕਿਸੇ ਤਰ੍ਹਾਂ ਦੀ ਬੇਇਨਸਾਫੀ ਹੁੰਦੀ ਹੈ ਤਾਂ ਉਸ ਦੇ ਪੱਖ ਵਿਚ ਸਰਕਾਰ ਤੋਂ ਮੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਵਿਚ ਆਪਣੀ ਜਾਨ ਗੁਆਉਣ ਵਾਲੇ ਕਿਸੇ ਵੀ ਮੁਲਾਜ਼ਮ ਦੀ ਸ਼ਹੀਦੀ ਨੂੰ ਬੇਅਰਥ ਨਹੀਂ ਕੀਤਾ ਜਾਵੇਗਾ ਤਾਂ ਹੀ ਉਨ੍ਹਾਂ ਦੀ ਸਰਕਾਰ ਸਮੇਂ-ਸਮੇਂ ‘ਤੇ ਲੋਕਾਂ ਦੀਆਂ ਮੰਗਾਂ ਪੰਜਾਬ ਸਰਕਾਰ ਤਕ ਪਹੁੰਚਾਉਂਦੀ ਹੈ ਤਾਂ ਜੋ ਜਿਹੜੇ ਮੁੱਦੇ ਪੰਜਾਬ ਸਰਕਾਰ ਵਲੋਂ ਨਜ਼ਰਅੰਦਾਜ਼ ਕੀਤੇ ਜਾਂਦੇ ਹਨ, ਉਨ੍ਹਾਂ ‘ਤੇ ਪੰਜਾਬ ਸਰਕਾਰ ਵਲੋਂ ਪਹਿਲ ਦੇ ਆਧਾਰ ‘ਤੇ ਗੌਰ ਕੀਤਾ ਜਾਵੇ।