22nd Day Of Agitation: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ ।
ਦਰਅਸਲ, ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਗਤਿਰੋਧ ਬਣਿਆ ਹੋਇਆ ਹੈ, ਉਸ ਖਿਲਾਫ਼ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ । DMK ਦੇ ਤਿਰੂਚੀ ਸਿਵਾ, ਆਰਜੇਡੀ ਦੇ ਮਨੋਜ ਝਾਅ ਅਤੇ ਛੱਤੀਸਗੜ੍ਹ ਕਾਂਗਰਸ ਦੇ ਰਾਕੇਸ਼ ਵੈਸ਼ਨਵ ਦੀ ਅਰਜ਼ੀ ‘ਤੇ ਅਦਾਲਤ ਸੁਣਵਾਈ ਕਰੇਗੀ । ਉਨ੍ਹਾਂ ਦੀ ਮੰਗ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਯਾਨੀ ਕਿ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸੁਣਵਾਈ ਕੀਤੀ । ਸੁਪਰੀਮ ਕੋਰਟ ਨੇ ਇਸ ਮੁੱਦੇ ‘ਤੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਮਝੌਤਾ ਕਰਵਾਉਣ ਦੀ ਪਹਿਲ ਕੀਤੀ ਹੈ, ਜਿਸ ਲਈ ਇੱਕ ਕਮੇਟੀ ਬਣਾਈ ਜਾਵੇਗੀ । ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਇਸ ਬਾਰੇ ਮੁੜ ਸੁਣਵਾਈ ਹੋਣੀ ਹੈ । ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਇਹ ਰਾਸ਼ਟਰੀ ਪੱਧਰ ਦਾ ਮੁੱਦਾ ਹੈ, ਅਜਿਹੀ ਸਥਿਤੀ ਵਿੱਚ ਆਪਸੀ ਸਹਿਮਤੀ ਹੋਣਾ ਜ਼ਰੂਰੀ ਹੈ । ਅਦਾਲਤ ਵੱਲੋਂ ਦਿੱਲੀ ਦੀਆਂ ਸੀਮਾਵਾਂ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਦੀ ਇੱਕ ਸੂਚੀ ਮੰਗੀ ਗਈ ਤਾਂ ਜੋ ਪਤਾ ਲੱਗ ਸਕੇ ਕਿ ਗੱਲ ਕਿਸ ਨਾਲ ਹੋਣੀ ਹੈ।
ਇਸ ਮਾਮਲੇ ਵਿੱਚ ਅਦਾਲਤ ਦਾ ਕਹਿਣਾ ਹੈ ਕਿ ਮੌਜੂਦਾ ਹਾਲਤਾਂ ਤੋਂ ਅਜਿਹਾ ਲੱਗਦਾ ਹੈ ਕਿ ਸਰਕਾਰ ਅਤੇ ਕਿਸਾਨ ਵਿਚਾਲੇ ਸਿੱਧੇ ਤੌਰ ‘ਤੇ ਇਸ ਦਾ ਕੋਈ ਹੱਲ ਨਹੀਂ ਨਿਕਲ ਰਿਹਾ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਕੋਈ ਹੱਲ ਨਾ ਨਿਕਲਦਿਆਂ ਵੇਖ ਕੇ ਸੁਪਰੀਮ ਕੋਰਟ ਨੇ ਕਮਾਂਡ ਆਪਣੇ ਹੱਥਾਂ ਵਿੱਚ ਲੈ ਲਈ ਹੈ। ਹੁਣ ਵੀਰਵਾਰ ਨੂੰ ਹੋਣ ਵਾਲੀ ਸੁਣਵਾਈ ਵਿੱਚ ਇਹ ਸਪੱਸ਼ਟ ਹੋ ਜਾਵੇਗਾ ਕਿ ਅਦਾਲਤ ਵੱਲੋਂ ਬਣਾਈ ਗਈ ਕਮੇਟੀ ਦੀ ਰੂਪ ਰੇਖਾ ਕੀ ਹੋਵੇਗੀ ਅਤੇ ਉਹ ਕਿਸ ਤਰ੍ਹਾਂ ਇਸ ਮਸਲੇ ਨੂੰ ਸੁਲਝਾਉਣ ਵੱਲ ਕਦਮ ਵਧਾਏਗੀ।
ਇਹ ਵੀ ਦੇਖੋ: ਕਿਸਾਨੀ ਸੰਘਰਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਾਬਾ ਰਾਮ ਸਿੰਘ ਜੀ ਦੀ ਅੰਤਿਮ ਯਾਤਰਾ