ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ, ਸੰਯੁਕਤ ਕਿਸਾਨ ਮੋਰਚਾ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਤਕਰੀਬਨ ਪਿਛਲੇ ਇੱਕ ਸਾਲ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਸੰਗਠਨਾਂ ਨੇ ਅੱਜ ਭਾਵ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਜਿਸ ਨੂੰ ਕਈ ਰਾਜਨੀਤਕ ਪਾਰਟੀਆਂ ਨੇ ਵੀ ਸਮਰਥਨ ਦਿੱਤਾ ਹੈ।
ਇਸ ਦੌਰਾਨ ਹੁਣ ਇੱਕ ਮੰਦਭਾਗੀ ਖਬਰ ਹਰਿਆਣਾ ਦੇ ਸਿੰਘੂ ਬਾਰਡਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ, ਹਾਲਾਂਕਿ ਬਾਕੀ ਜਾਣਕਾਰੀ ਪੋਸਟਮਾਰਟਮ ਤੋਂ ਬਾਅਦ ਹੀ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਸੰਗਠਨਾਂ ਵੱਲੋਂ ਸੋਮਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਦਿੱਲੀ, ਯੂਪੀ ਅਤੇ ਨੇੜਲੇ ਇਲਾਕਿਆਂ ਵਿੱਚ ਪੁਲਿਸ ਚੌਕਸ ਹੈ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਇਸ ਸਮੇਂ ਦੌਰਾਨ ਉਹ ਸਾਰੀਆਂ ਰਾਸ਼ਟਰੀ ਅਤੇ ਸੂਬਾਈ ਸੜਕਾਂ ਨੂੰ ਬੰਦ ਕਰਨਗੇ। ਕਿਸਾਨ ਪਿਛਲੇ 10 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇ ਕਾਨੂੰਨ ਵਾਪਿਸ ਨਾ ਲਏ ਗਏ ਤਾਂ ਜਿੱਥੇ ਚੋਣਾਂ ਹੋਣਗੀਆਂ, ਉਹ ਸਰਕਾਰ ਦੇ ਵਿਰੁੱਧ ਪ੍ਰਚਾਰ ਕਰਨਗੇ। ਪੰਜਾਬ ਵਿੱਚ ਵੀ BJP ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਬੰਦ ਦਾ ਸਮਰਥਨ ਕਰ ਰਹੀਆਂ ਹਨ।
ਉੱਥੇ ਹੀ ਬਿਹਾਰ ਵਿੱਚ ਰਾਜਦ, ਕਾਂਗਰਸ ਅਤੇ ਖੱਬੀਆਂ ਪਾਰਟੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ। ਇਸ ਦੇ ਤਹਿਤ ਐਨਡੀਏ ਅਤੇ ਖੱਬੀਆਂ ਪਾਰਟੀਆਂ ਦੇ ਵਰਕਰ ਸਵੇਰ ਤੋਂ ਹੀ ਸੜਕਾਂ ‘ਤੇ ਉਤਰ ਆਏ ਹਨ। ਕਿਸਾਨਾਂ ਦੇ ਭਾਰਤ ਬੰਦ ਦਾ ਪ੍ਰਭਾਵ ਮੁੰਬਈ-ਅਹਿਮਦਾਬਾਦ ਹਾਈਵੇ ‘ਤੇ ਵੀ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਭਾਰਤ ਬੰਦ ਦੌਰਾਨ ਛੋਟ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਨੂੰ ਰੋਕਿਆ ਨਹੀਂ ਜਾ ਰਿਹਾ ਹੈ। ਇਸ ਤੋਂ ਇਲਾਵਾ ਰੋਸ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਦੇ ਸਹਿਯੋਗ ਨਾਲ ਦੁੱਧ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਲੰਘ ਰਹੀਆਂ ਹਨ।