Aap mp surrounded pm modi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਕਿਸਾਨਾਂ ਦੇ ਅੰਦੋਲਨ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ।
ਪਰ ਇਸ ਤੋਂ ਪਹਿਲਾ ਅੱਜ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕੀਤਾ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਭਗਵੰਤ ਮਾਨ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸੰਸਦ ਵਿੱਚ ਪੀਐਮ ਮੋਦੀ ਸਾਹਮਣੇ ਨਾਅਰੇਬਾਜ਼ੀ ਕੀਤੀ। ਦਰਅਸਲ, ਪੀਐੱਮ ਮੋਦੀ ਮਦਨ ਮੋਹਨ ਮਾਲਵੀਆ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਸੰਸਦ ਦੇ ਕੇਂਦਰੀ ਹਾਲ ਗਏ ਸਨ। ਸੰਸਦ ਮੈਂਬਰ ਭਗਵੰਤ ਮਾਨ ਨੇ ਸੰਸਦ ਭਵਨ ਦੀ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ, “ਲੋਕ ਸਭਾ ਦੇ ਕੇਂਦਰੀ ਹਾਲ ਵਿੱਚ ਮੋਦੀ ਸਰਕਾਰ ਦੀਆਂ ਬੰਦ ਅੱਖਾਂ ਅਤੇ ਕੰਨ ਖੋਲ੍ਹਣ ਲਈ ਗੂੰਜੇ ਕਿਸਾਨ ਹਿਤੈਸ਼ੀ ਦੇ ਨਾਅਰੇ…!” ਪਰ ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਵਿਰੋਧੀ ਧਿਰ ‘ਤੇ ਜ਼ੋਰਦਾਰ ਹਮਲਾ ਬੋਲਿਆ ਅਤੇ ਨਵੇਂ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ।