Abhay singh chautala announced : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿੱਛਲੇ 47 ਦਿਨਾਂ ਤੋਂ ਚੱਲ ਰਿਹਾ ਹੈ। ਅੱਜ ਸੁਪਰੀਮ ਕੋਰਟ ਨੇ ਵੀ ਸੁਣਵਾਈ ਦੌਰਾਨ ਕਿਹਾ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਉੱਤੇ ਫਿਲਹਾਲ ਰੋਕ ਲਗਾਈ ਜਾਣੀ ਚਾਹੀਦੀ ਹੈ। ਇਸ ਦੌਰਾਨ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਆਗੂ ਅਭੈ ਸਿੰਘ ਚੌਟਾਲਾ ਨੇ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਹਰਿਆਣਾ ਵਿਧਾਨ ਸਭਾ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਵਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫੇ ਦਾ ਪੱਤਰ ਸਪੀਕਰ ਨੂੰ ਭੇਜਿਆ ਗਿਆ ਹੈ। ਅਭੈ ਚੌਟਾਲਾ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਵਾਪਿਸ ਨਹੀਂ ਲੈਂਦੀ ਤਾਂ ਅਸੈਂਬਲੀ ਤੋਂ ਮੇਰਾ ਅਸਤੀਫ਼ਾ ਸਮਝਿਆ ਜਾਣਾ ਚਾਹੀਦਾ ਹੈ। ਅਭੈ ਚੌਟਾਲਾ ਨੇ ਕਿਹਾ ਕਿ ਜੇਕਰ 26 ਜਨਵਰੀ ਤੱਕ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਨਾ ਲਿਆ ਗਿਆ ਤਾਂ ਉਹ 27 ਜਨਵਰੀ ਨੂੰ ਅਸਤੀਫਾ ਦੇ ਦੇਣਗੇ। ਅੰਦੋਲਨ ਦੀ ਸ਼ੁਰੂਆਤ ਤੋਂ ਹੀ ਅਭੈ ਚੌਟਾਲਾ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਕਿਸਾਨਾਂ ਖਿਲਾਫ ਦਾਇਰ ਕੀਤੇ ਕੇਸ ਵੀ ਵਾਪਿਸ ਲਵੇ।
ਅੰਦੋਲਨ ਅਤੇ ਖੇਤੀਬਾੜੀ ਕਾਨੂੰਨ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇ ਸਰਕਾਰ ਖੇਤੀਬਾੜੀ ਕਾਨੂੰਨ ‘ਤੇ ਪਾਬੰਦੀ ਨਹੀਂ ਲਗਾਉਂਦੀ ਤਾਂ ਅਸੀਂ ਇਸ ‘ਤੇ ਰੋਕ ਲਗਾ ਦੇਵਾਂਗੇ। ਇਸ ਤੋਂ ਬਾਅਦ ਵਿੱਚ ਅਸੀਂ ਅੰਦੋਲਨਕਾਰੀਆਂ ਨੂੰ ਪੁੱਛਾਂਗੇ ਕਿ ਕੀ ਤੁਸੀਂ ਸੜਕਾਂ ਛੱਡੋਗੇ ਜਾਂ ਨਹੀਂ। ਚੀਫ਼ ਜਸਟਿਸ ਨੇ ਕਿਹਾ ਕਿ ਸਾਡੇ ਕੋਲ ਇੱਕ ਵੀ ਦਲੀਲ ਨਹੀਂ ਆਈ ਜਿਸ ਵਿੱਚ ਇਸ ਕਾਨੂੰਨ ਦੀ ਪ੍ਰਸ਼ੰਸਾ ਕੀਤੀ ਗਈ ਹੋਵੇ। ਅਦਾਲਤ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਮਾਮਲੇ ਵਿੱਚ ਮਾਹਿਰ ਨਹੀਂ ਹਾਂ, ਪਰ ਕੀ ਤੁਸੀਂ ਇਨ੍ਹਾਂ ਕਾਨੂੰਨਾਂ ਨੂੰ ਰੋਕੋਗੇ ਜਾਂ ਸਾਨੂੰ ਕਦਮ ਚੁੱਕਣੇ ਚਾਹੀਦੇ ਹਨ। ਹਾਲਾਤ ਲਗਾਤਾਰ ਬਦਤਰ ਹੁੰਦੇ ਜਾ ਰਹੇ ਹਨ, ਲੋਕ ਮਰ ਰਹੇ ਹਨ ਅਤੇ ਠੰਡ ਵਿੱਚ ਬੈਠੇ ਹਨ।