ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਲਈ ਲਿਆਂਦੀ ਗਈ ਅਗਨੀਪੱਥ ਯੋਜਨਾ ਦਾ ਦੇਸ਼ ਭਰ ਵਿੱਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨ ਹਿੰਸਕ ਰੂਪ ਲੈਂਦੇ ਹੋਏ ਦਿਖਾਈ ਦੇ ਰਹੇ ਹਨ । ਇਸ ਯੋਜਨਾ ਦੇ ਵਿਰੋਧ ਵਿੱਚ ਅੱਜ ਨੌਜਵਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ । ਇਸ ਨੂੰ ਲੈ ਕੇ ਦੇਸ਼ ਦੇ ਕਈ ਰਾਜਾਂ ਵਿੱਚ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਐਲਾਨ ਤੋਂ ਬਾਅਦ ਰਾਜਾਂ ਵਿੱਚ ਪੁਲਿਸ ਨੇ ਆਪਣੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਰੇਲਵੇ ਨੂੰ ਨੁਕਸਾਨ ਤੋਂ ਬਚਾਉਣ ਲਈ GRP ਤੇ RPF ਨੇ ਵੀ ਕਮਰ ਕਸ ਲਈ ਹੈ।
ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ ਅਗਨੀਪਥ ਯੋਜਨਾ ਦਾ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਕਈ ਰਾਜਾਂ ਵਿੱਚ ਹਜ਼ਾਰਾਂ ਨੌਜਵਾਨ ਇਸ ਯੋਜਨਾ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ। ਅਗਨੀਪਥ ਯੋਜਨਾ ਨੂੰ ਲੈ ਕੇ ਐਤਵਾਰ ਨੂੰ ਤਿੰਨਾਂ ਸੈਨਾਵਾਂ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ । ਜਿਸ ਵਿੱਚ ਅਗਨੀਪਥ ਸਕੀਮ ਦੇ ਲਾਭ ਦੱਸੇ ਗਏ। ਉੱਥੇ ਹੀ ਇਸ ਪ੍ਰੈਸ ਕਾਨਫਰੰਸ ਦੌਰਾਨ ਇਸ ਸਕੀਮ ਨੂੰ ਵਾਪਸ ਨਾ ਲੈਣ ਦੀ ਗੱਲ ਵੀ ਕਹੀ ਗਈ।
ਇਹ ਵੀ ਪੜ੍ਹੋ: ‘ਜਿਨ੍ਹਾਂ ਨੇ ਪੰਜਾਬੀਆਂ ਦਾ ਇੱਕ ਵੀ ਰੁਪਇਆ ਖਾਧਾ, ਓਹਦਾ ਮੈਂ ਵਿਆਜ ਸਮੇਤ ਹਿਸਾਬ ਲਊਂਗਾ’ : CM ਮਾਨ
ਦੱਸ ਦੇਈਏ ਕਿ ਸੋਮਵਾਰ ਨੂੰ ਭਾਰਤ ਬੰਦ ਦੇ ਸੱਦੇ ਮੱਦੇਨਜ਼ਰ ਪੰਜਾਬ ਦੇ ADGP, ਲਾਅ ਐਂਡ ਆਰਡਰ ਨੇ ਸਾਰੇ CP’s ਅਤੇ SSP’s ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਨੂੰ ਲੈ ਕੇ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ । ਉਨ੍ਹਾਂ ਨੇ ਟਵੀਟ ਵਿੱਚ ਕਿਹਾ ਕਿ ਅਸੀਂ ਸੋਸ਼ਲ ਮੀਡੀਆ ਤੋਂ ਗਲਤ ਜਾਣਕਾਰੀ ਫੈਲਾਉਣ ਵਾਲਿਆਂ ‘ਤੇ ਵੀ ਨਜ਼ਰ ਰੱਖ ਰਹੇ ਹਾਂ । ਅਸੀਂ ਇਸ ਗੱਲ ਦਾ ਖਾਸ ਧਿਆਨ ਰੱਖਾਂਗੇ ਕਿ ਭਾਰਤ ਬੰਦ ਦੌਰਾਨ ਕੋਈ ਵੀ ਇਸ ਪਲੇਟਫਾਰਮ ਦੀ ਦੁਰਵਰਤੋਂ ਨਾ ਕਰੇ।
ਇਸ ਤੋਂ ਇਲਾਵਾ ਹਰਿਆਣਾ ਵਿੱਚ ਪਿਛਲੇ ਦਿਨੀਂ ਇਸ ਅੰਦੋਲਨ ਨੂੰ ਲੈ ਕੇ ਕਈ ਜ਼ਿਲ੍ਹਿਆਂ ਵਿੱਚ ਹਿੰਸਕ ਪ੍ਰਦਰਸ਼ਨ ਹੋਏ ਸਨ । ਅਜਿਹੇ ਵਿੱਚ ਭਾਰਤ ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਫਰੀਦਾਬਾਦ ਪੁਲਿਸ ਨੇ ਆਪਣੀ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਹੈ । ਯੂਪੀ ਵਿੱਚ ਨੋਇਡਾ ਪੁਲਿਸ ਦਾ ਕਹਿਣਾ ਹੈ ਕਿ ਗੌਤਮ ਬੁੱਧ ਨਗਰ ਵਿੱਚ ਧਾਰਾ 144 ਪਹਿਲਾਂ ਹੀ ਲਾਗੂ ਹੈ, ਇਸ ਲਈ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: