Agriculture minister reiterated again : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਸਬੰਧੀ ਅੱਜ ਕਿਸਾਨ ਆਗੂਆਂ ਦੀ ਬੈਠਕ ਵੀ ਜਾਰੀ ਹੈ। ਇਸ ਬੈਠਕ ਵਿੱਚ ਅੱਗੇ ਦੀ ਰਣਨੀਤੀ ਵੀ ਬਣਾਈ ਜਾ ਰਹੀ ਹੈ। ਇਸੇ ਦੌਰਾਨ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਖੁੱਲੇ ਮਨ ਨਾਲ ਗੱਲਬਾਤ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰ ਲਹਿਰ ਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ।
ਮੈਨੂੰ ਪੂਰੀ ਉਮੀਦ ਹੈ ਕਿ ਅੰਦੋਲਨਕਾਰੀ ਕਿਸਾਨ ਗੱਲ ਕਰਨਗੇ। ਮੇਰੀ ਬੇਨਤੀ ਹੈ ਕਿਸਾਨਾਂ ਨੂੰ ਕਿ ਉਹ ਕਿਸਾਨ ਕਾਨੂੰਨ ਦੀ ਭਾਵਨਾ ਨੂੰ ਸਮਝਣ। ਮੈਨੂੰ ਉਮੀਦ ਹੈ ਕਿ ਕਿਸਾਨ ਯੂਨੀਅਨਾਂ ਸਾਡੀ ਬੇਨਤੀ ‘ਤੇ ਵਿਚਾਰ ਕਰਨਗੀਆਂ। ਉਹ ਜੋ ਵੀ ਸ਼ਾਮਿਲ ਕਰਨ ਅਤੇ ਸਰਕਾਰ ਦੇ ਪ੍ਰਸਤਾਵ ਤੋਂ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਾਨੂੰ ਦੱਸਣਾ ਚਾਹੀਦਾ ਹੈ। ਤੋਮਰ ਨੇ ਕਿਹਾ ਕਿ ਪੀਐਮ ਮੋਦੀ 25 ਦਸੰਬਰ ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਅਧੀਨ ਵਿੱਤੀ ਲਾਭ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 25 ਦਸੰਬਰ ਅਟਲ ਜੀ ਦਾ ਜਨਮਦਿਨ ਹੈ। ਜਿਸ ਨੂੰ ਭਾਰਤ ਸਰਕਾਰ ਗਵਰਨੈਂਸ ਡੇਅ ਵਜੋਂ ਮਨਾਉਂਦੀ ਹੈ। 96000 ਕਰੋੜ 10 ਕਰੋੜ 59 ਲੱਖ ਕਿਸਾਨਾਂ ਨੂੰ ਟਰਾਂਸਫਰ ਕੀਤਾ ਜਾ ਚੁੱਕਾ ਹੈ। 18000 ਕਰੋੜ ਰੁਪਏ 9 ਕਰੋੜ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ 6 ਰਾਜਾਂ ਦੇ 6 ਕਿਸਾਨਾਂ ਨਾਲ ਗੱਲਬਾਤ ਕਰਨਗੇ। ਕੱਲ ਸ਼ਾਮ ਤੱਕ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ 2 ਕਰੋੜ ਕਿਸਾਨਾਂ ਨੇ ਰਜਿਸਟ੍ਰੇਸ਼ਨ ਕੀਤੀ ਹੈ।