Ahmedabad hospital fire: ਨਵੀਂ ਦਿੱਲੀ: ਗੁਜਰਾਤ ਦੇ ਅਹਿਮਦਾਬਾਦ ਦੇ ਇੱਕ ਕੋਰੋਨਾ ਹਸਪਤਾਲ ਦੇ ICU ਵਿੱਚ ਅੱਗ ਲੱਗਣ ਦੀ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਥਿਕ ਸਹਾਇਤਾ ਦਾ ਐਲਾਨ ਵੀ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਰਥਿਕ ਸਹਾਇਤਾ ਦਾ ਐਲਾਨ ਕਰਦੇ ਹੋਏ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ । ਇਸ ਤੋਂ ਇਲਾਵਾ ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ।
ਦਰਅਸਲ, ਵੀਰਵਾਰ ਤੜਕੇ ਅਹਿਮਦਾਬਾਦ ਦੇ ਇੱਕ ਕੋਰੋਨਾ ਹਸਪਤਾਲ ਨੂੰ ਅੱਗ ਲੱਗ ਗਈ, ਜਿਸ ਵਿੱਚ 8 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ ਬਾਕੀ ਦੇ 40 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਘਟਨਾ ਤੋਂ ਬਾਅਦ ਗੁਜਰਾਤ ਦੇ ਸੀਐੱਮ ਵਿਜੇ ਰੂਪਾਣੀ ਨੇ ਇਸ ਹਾਦਸੇ ਦੀ ਜਾਂਚ ਦੇ ਆਦੇਸ਼ ਦਿੰਦੇ ਹੋਏ ਤਿੰਨ ਦਿਨਾਂ ਵਿੱਚ ਰਿਪੋਰਟ ਦੇਣ ਨੂੰ ਕਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਅਹਿਮਦਾਬਾਦ ਦੇ ਹਸਪਤਾਲ ਚ ਲੱਗੀ ਅੱਗ ਦੀ ਘਟਨਾ ਤੋਂ ਮਨ ਦੁਖੀ ਹੋ ਗਿਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ । ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਰੂਪਾਨੀ ਅਤੇ ਮੇਅਰ ਪਟੇਲ ਨਾਲ ਗੱਲ ਕਰ ਕੇ ਉਨ੍ਹਾਂ ਨੇ ਮੌਜੂਦਾ ਸਥਿਤੀ ਦੀ ਜਾਣਕਾਰੀ ਲਈ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਪ੍ਰਭਾਵਿਤ ਲੋਕਾਂ ਨੂੰ ਹਰਸੰਭਵ ਮਦਦ ਪਹੁੰਚਾਈ ਜਾ ਰਹੀ ਹੈ।
ਦੱਸ ਦੇਈਏ ਕਿ ਗੁਜਰਾਤ ਭਾਰਤ ਵਿੱਚ ਕੋਰੋਨਾ ਵਾਇਰਸ ਦੇ 10 ਸਭ ਤੋਂ ਪ੍ਰਭਾਵਿਤ ਰਾਜਾਂ ਵਿਚੋਂ ਇੱਕ ਹੈ, ਜਿੱਥੇ ਹੁਣ ਤੱਕ 65,000 ਤੋਂ ਵੱਧ ਕੋਰੋਨਾ ਦੇ ਮਾਮਲੇ ਹਨ। ਇੱਥੇ ਹੁਣ ਤੱਕ ਲਗਭਗ 48,000 ਮਰੀਜ਼ ਠੀਕ ਹੋ ਚੁੱਕੇ ਹਨ।