ਲਖੀਮਪੁਰ ਖੀਰੀ ਮਾਮਲੇ ‘ਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਏ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ਤੋਂ ਬਾਅਦ ਕਿਆਸਅਰਾਈਆਂ ਦਾ ਬਾਜ਼ਾਰ ਵੀ ਗਰਮ ਹੈ ਅਤੇ ਹਰ ਤਰ੍ਹਾਂ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਹਨ।
ਅਜੈ ਮਿਸ਼ਰਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸਾਰੀ ਘਟਨਾ ਬਾਰੇ ਸਪਸ਼ਟੀਕਰਨ ਪੇਸ਼ ਕੀਤਾ। ਦੋਵਾਂ ਵਿਚਕਾਰ ਇਹ ਮੁਲਾਕਾਤ ਲਗਭਗ 20 ਮਿੰਟ ਤੱਕ ਚੱਲੀ ਹੈ। ਅਜੇ ਮਿਸ਼ਰਾ ਲਖੀਮਪੁਰ ਘਟਨਾ ਤੋਂ ਬਾਅਦ ਪਹਿਲੀ ਵਾਰ ਦਿੱਲੀ ਆਏ ਹਨ। ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ‘ਤੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਦੌਰਾਨ ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦਾ ਦੋਸ਼ ਹੈ। ਇਸ ਘਟਨਾ ਦੇ ਬਾਅਦ ਤੋਂ ਵਿਰੋਧੀ ਧਿਰ ਲਗਾਤਾਰ ਭਾਜਪਾ, ਅਜੈ ਮਿਸ਼ਰਾ ਅਤੇ ਯੋਗੀ ਸਰਕਾਰ ਉੱਤੇ ਹਮਲੇ ਕਰ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਅਤੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਐਤਵਾਰ ਨੂੰ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੇ ਬਾਅਦ ਤੋਂ ਹੀ ਕੇਂਦਰੀ ਮੰਤਰੀ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਰਹੇ ਹਨ। ਵਿਰੋਧੀ ਧਿਰ ਉਨ੍ਹਾਂ ਦੇ ਅਸਤੀਫੇ ਅਤੇ ਉਨ੍ਹਾਂ ਦੇ ਪੁੱਤਰ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਹੈ। ਦੋਸ਼ ਹੈ ਕਿ ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਇੱਕ ਐਸਯੂਵੀ ਕਾਰ ਨਾਲ ਟੱਕਰ ਮਾਰ ਦਿੱਤੀ ਸੀ, ਜਿਸ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਦੌਰਾਨ ਕੁੱਲ 8 ਲੋਕਾਂ ਦੀ ਮੌਤ ਹੋਈ ਸੀ। ਲਖੀਮਪੁਰ ਮਾਮਲੇ ‘ਚ ਵਿਰੋਧੀ ਧਿਰ ਅਜੈ ਮਿਸ਼ਰਾ ਟੇਨੀ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਕਰ ਰਿਹਾ ਹੈ, ਪਰ ਸੂਤਰਾਂ ਅਨੁਸਾਰ ਉਨ੍ਹਾਂ ਦੀ ਕੁਰਸੀ ਬਰਕਰਾਰ ਰਹੇਗੀ।
ਇਹ ਵੀ ਦੇਖੋ : ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food