ਸੋਮਵਾਰ ਯਾਨੀ ਕਿ ਭਲਕੇ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਅੱਜ ਸਰਬ ਪਾਰਟੀ ਬੈਠਕ ਬੁਲਾਈ ਹੈ । ਸੂਤਰਾਂ ਨੇ ਦੱਸਿਆ ਕਿ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਸ਼ਾਦ ਜੋਸ਼ੀ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਇਸ ਬੈਠਕ ਵਿੱਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਸਰਬ ਪਾਰਟੀ ਮੀਟਿੰਗਾਂ ਨੂੰ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਬੁਲਾਇਆ ਜਾਂਦਾ ਹੈ।
ਇਸ ਤੋਂ ਪਹਿਲਾਂ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ। ਦੱਸ ਦੇਈਏ ਕਿ ਮਾਨਸੂਨ ਸੈਸ਼ਨ 19 ਜੁਲਾਈ ਨੂੰ ਸ਼ੁਰੂ ਹੋਵੇਗਾ ਅਤੇ 13 ਅਗਸਤ ਨੂੰ ਖ਼ਤਮ ਹੋਵੇਗਾ।
ਦਰਅਸਲ, ਇਹ ਬੈਠਕ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਐਨਡੀਏ ਦੀ ਮੀਟਿੰਗ ਵੀ ਦੁਪਹਿਰ 3 ਵਜੇ ਹੋਵੇਗੀ। ਉੱਥੇ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਸ਼ਾਮ 4 ਵਜੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਸ਼ਾਮ 6 ਵਜੇ ਸੋਨੀਆ ਗਾਂਧੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਦੀ ਵਰਚੁਅਲ ਬੈਠਕ ਬੁਲਾਈ ਹੈ । ਮੌਨਸੂਨ ਸੈਸ਼ਨ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਰਣਨੀਤੀ ਬਣਾਉਣ ਵਿਚ ਰੁੱਝੀਆਂ ਹੋਈਆਂ ਹਨ। ਉਮੀਦ ਕੀਤੀ ਜਾਂਦੀ ਹੈ ਕਿ ਸੰਸਦ ਵਿਚ ਕੰਮ ਦਾ ਰਿਕਾਰਡ ਬਣਾਇਆ ਜਾਵੇਗਾ ਅਤੇ ਕੋਈ ਹੰਗਾਮਾ ਨਹੀਂ ਹੋਵੇਗਾ।