Amit Shah Calls Emergency Meeting: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿੱਥੇ ਇੱਕ ਪਾਸੇ ਦੇਸ਼ ਵਿਚ ਕੋਰੋਨਾ ਦੇ ਨਵੇਂ ਕੇਸ ਘਟਦੇ ਨਜ਼ਰ ਆ ਰਹੇ ਹਨ, ਉੱਥੇ ਹੀ ਦਿੱਲੀ ਵਿੱਚ ਹਰ ਦਿਨ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ । ਦੀਵਾਲੀ ਦੀ ਸ਼ਾਮ ਨੂੰ ਦਿੱਲੀ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇੱਕ ਦਿਨ ਵਿੱਚ ਕੋਰੋਨਾ ਸੰਕਰਮਣ ਦੇ 7340 ਨਵੇਂ ਕੇਸ ਸਾਹਮਣੇ ਆਏ ਹਨ।
ਦਰਅਸਲ, ਹਰ ਦਿਨ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਨਾਲ-ਨਾਲ ਦਿੱਲੀ ਸਰਕਾਰ ਵੀ ਸਰਗਰਮ ਹੋ ਗਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਦੇ ਸਬੰਧ ਵਿੱਚ ਇੱਕ ਐਮਰਜੈਂਸੀ ਬੈਠਕ ਬੁਲਾਈ ਹੈ । ਇਹ ਮੀਟਿੰਗ 15 ਨਵੰਬਰ ਯਾਨੀ ਕਿ ਅੱਜ ਸ਼ਾਮ 5 ਵਜੇ ਹੋਣੀ ਹੈ । ਇਸ ਬੈਠਕ ਵਿੱਚ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋਣਗੇ। ਇਸ ਬੈਠਕ ਦੀ ਪ੍ਰਧਾਨਗੀ ਖੁਦ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ।
ਮਿਲੀ ਜਾਣਕਾਰੀ ਅਨੁਸਾਰ ਉਪ ਰਾਜਪਾਲ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਦੇਸ਼ ਦੇ ਸਿਹਤ ਮੰਤਰੀ ਡਾ: ਹਰਸ਼ਵਰਧਨ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ। ਇਨ੍ਹਾਂ ਤੋਂ ਇਲਾਵਾ ਦਿੱਲੀ ਦੇ ਕਈ ਹੋਰ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਿਲ ਹੋਣਗੇ। ਗ੍ਰਹਿ ਮੰਤਰੀ ਸ਼ਾਹ ਦੀ ਪ੍ਰਧਾਨਗੀ ਵਿੱਚ ਹੋਣ ਜਾ ਰਹੀ ਇਹ ਬੈਠਕ ਗ੍ਰਹਿ ਮੰਤਰਾਲੇ ਵਿੱਚ ਹੀ ਹੋਵੇਗੀ। ਗੌਰਤਲਬ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਵੱਧ ਰਹੇ ਕੋਰੋਨਾ ਮਾਮਲੇ ਇੱਕ ਨਵਾਂ ਰਿਕਾਰਡ ਬਣਾ ਰਹੇ ਹਨ, ਜਿਨ੍ਹਾਂ ਨੇ ਦਿੱਲੀ ਸਰਕਾਰ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ।
ਦੱਸ ਦੇਈਏ ਕਿ ਦੀਵਾਲੀ ਦੀ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ 7340 ਨਵੇਂ ਮਾਮਲੇ ਸਾਹਮਣੇ ਆਏ ਹਨਜਦਕਿ 96 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, ਇਸੇ ਦੌਰਾਨ 7117 ਲੋਕ ਠੀਕ ਵੀ ਹੋਏ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 44456 ਤੱਕ ਪਹੁੰਚ ਗਈ ਹੈ । ਉੱਥੇ ਹੀ ਦੂਜੇ ਪਾਸੇ ਦੇਸ਼ ਵਿੱਚ ਸੰਕਰਮਿਤ ਮਾਮਲਿਆਂ ਦੀ ਗਿਣਤੀ 88 ਲੱਖ ਤੋਂ ਪਾਰ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 41 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ । ਦੇਸ਼ ਵਿੱਚ ਹੁਣ ਤੱਕ 1 ਲੱਖ 29 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ।
ਇਹ ਵੀ ਦੇਖੋ: ਮੌਤ ਤੋਂ ਨਹੀਂ ਡਰਦਾ ਸੀ ਗਰੀਬੀ ਤੋਂ ਡਰ ਗਿਆ, ਇੱਕ ਸ਼ਾਮ ਗਰੀਬ ਜਦੋਂ ਖਾਲੀ ਹੱਥ ਘਰ ਗਿਆ