ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ।
ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ, “ਅੱਜ ਦੀ ਕਾਂਗਰਸ ਪਾਰਟੀ ਕਿਵੇਂ ਸੋਚਦੀ ਹੈ ਅਤੇ ਕੰਮ ਕਰਦੀ ਹੈ ਇਸ ਦਾ ਟ੍ਰੇਲਰ ਪੰਜਾਬ ਵਿੱਚ ਦੇਖਿਆ ਗਿਆ ਹੈ। ਲੋਕਾਂ ਵੱਲੋਂ ਵਾਰ-ਵਾਰ ਠੁਕਰਾਏ ਜਾਣ ਨੇ ਉਨ੍ਹਾਂ ਨੂੰ ਪਾਗਲਪਨ ਦੇ ਰਾਹ ਤੋਰਿਆ ਹੈ। ਕਾਂਗਰਸ ਦੇ ਵੱਡੇ ਨੇਤਾਵਾਂ ਨੂੰ ਅੱਜ ਜੋ ਵੀ ਹੋਇਆ ਹੈ ਉਸ ਦੇ ਲਈ ਭਾਰਤ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।”
ਅਗਲੇ ਟਵੀਟ ‘ਚ ਗ੍ਰਹਿ ਮੰਤਰੀ ਨੇ ਕਿਹਾ ਕਿ, “ਗ੍ਰਹਿ ਮੰਤਰਾਲੇ ਨੇ ਅੱਜ ਪੰਜਾਬ ਵਿੱਚ ਸੁਰੱਖਿਆ ਦੀ ਉਲੰਘਣਾ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ। ਪ੍ਰਧਾਨ ਮੰਤਰੀ ਦੀ ਫੇਰੀ ਵਿੱਚ ਸੁਰੱਖਿਆ ਪ੍ਰਕਿਰਿਆ ਵਿੱਚ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।”
ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਲਗਭਗ 30 ਕਿਲੋਮੀਟਰ ਦੂਰ ਫਲਾਈਓਵਰ ‘ਤੇ ਪਹੁੰਚਿਆ ਤਾਂ ਪਤਾ ਲੱਗਾ ਕਿ ਕੁੱਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ ਸੀ। ਪੀਐੱਮ 15-20 ਮਿੰਟ ਤੱਕ ਫਲਾਈਓਵਰ ‘ਤੇ ਫਸੇ ਰਹੇ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਦੌਰਾ ਰੱਦ ਕਰ ਦਿੱਤਾ ਗਿਆ। ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਲਾਪਰਵਾਹੀ ਸੀ।
ਇਹ ਵੀ ਪੜ੍ਹੋ : ‘PM ਦੀ ਸੁਰੱਖਿਆ ‘ਚ ਨਹੀਂ ਵਰਤੀ ਕੋਈ ਕੁਤਾਹੀ, ਨਾ ਹੀ ਉਨ੍ਹਾਂ ਨੂੰ ਕੋਈ ਖਤਰਾ ਸੀ’ : CM ਚੰਨੀ
ਦੱਸ ਦੇਈਏ ਕਿ ਗ੍ਰਹਿ ਮੰਤਰਾਲਾ ਨੇ ਕਿਹਾ ਕਿ ਸੁਰੱਖਿਆ ਇੰਤਜ਼ਾਮਾਂ ਵਿੱਚ ਕਮੀ ਕਰਕੇ ਇਹ ਰੈਲੀ ਰੱਦ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਦੀ ਵਿਵਸਥਾ ਨਹੀਂ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਦੇ ਕਾਫ਼ਲੇ ਨੂੰ ਰਾਹ ਵਿੱਚ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਰਾਹ ਵਿੱਚ ਕਈ ਪ੍ਰਦਰਸ਼ਨਕਾਰੀ ਖੜ੍ਹੇ ਸਨ। ਵਾਪਸੀ ਦੌਰਾਨ ਵੀ ਪੀ.ਐੱਮ. ਮੋਦੀ 15-20 ਮਿੰਟ ਫਲਾਈਓਰ ‘ਤੇ ਫਸੇ ਰਹੇ। ਕੇਂਦਰ ਨੇ ਸੂਬਾ ਸਰਕਾਰ ਤੋਂ ਇਸ ਬਾਰੇ ਰਿਪੋਰਟ ਤਲਬ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: