Anna Hazare warns Centre: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸੇ ਵਿਚਾਲੇ ਸਮਾਜ ਸੇਵੀ ਅੰਨਾ ਹਜ਼ਾਰੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਆ ਗਏ ਹਨ । ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਕੇਂਦਰ ਸਰਕਾਰ ਖਿਲਾਫ਼ ਭੁੱਖ ਹੜਤਾਲ ਕਰਨਗੇ ।
ਇਸ ਤੋਂ ਇਲਾਵਾ ਅੰਨਾ ਹਜ਼ਾਰੇ ਨੇ ਸੀਏਪੀਸੀ ਨੂੰ ਖੁਦਮੁਖਤਿਆਰੀ ਦੇਣ ਦੀ ਮੰਗ ਕੀਤੀ ਹੈ । ਇਸ ਤੋਂ ਪਹਿਲਾਂ ਬੀਤੇ ਸਾਲ ਫਰਵਰੀ 2019 ਵਿੱਚ ਅੰਨਾ ਹਜ਼ਾਰੇ ਨੇ ਮਹਾਂਰਾਸ਼ਟਰ ਦੇ ਅਹਿਮਦਨਗਰ ਵਿੱਚ ਆਪਣੇ ਪਿੰਡ ਰਾਲੇਗਣ ਸਿੱਧੀ ਵਿੱਚ ਭੁੱਖ ਹੜਤਾਲ ਕੀਤੀ ਸੀ। ਉਨ੍ਹਾਂ ਨੇ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਦੇ ਲਿਖਤੀ ਭਰੋਸੇ ਤੋਂ ਬਾਅਦ 5 ਫਰਵਰੀ 2019 ਨੂੰ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਸੀ । ਸਿੰਘ ਨੇ ਲਿਖਤੀ ਭਰੋਸੇ ਵਿੱਚ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ ਉੱਚ ਪੱਧਰੀ ਕਮੇਟੀਆਂ ਨਾਲ ਵਿਚਾਰ ਕਰਨ ਦੀ ਗੱਲ ਕਹੀ ਸੀ।
ਦਰਅਸਲ, ਹਜ਼ਾਰੇ ਨੇ ਇਸ ਪੱਤਰ ਨਾਲ ਰਾਧਾ ਮੋਹਨ ਸਿੰਘ ਦੇ ਪੱਤਰ ਨੂੰ ਜੋੜਿਆ ਹੈ ਜਿਸ ਵਿਚ ਸਿੰਘ ਨੇ ਭਰੋਸਾ ਦਿੱਤਾ ਸੀ ਕਿ ਇਕ ਉੱਚ ਪੱਧਰੀ ਕਮੇਟੀ ਤਿਆਰ ਕੀਤੀ ਜਾਵੇਗੀ ਅਤੇ ਇਸ ਦੀ ਰਿਪੋਰਟ 30 ਅਕਤੂਬਰ, 2019 ਤੱਕ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਨੇ ਭਰੋਸਾ ਦਿੱਤਾ ਸੀ ਕਿ ਮੰਗਾਂ ਨੂੰ ਲੈ ਕੇ ਕਮੇਟੀ ਦੀ ਰਿਪੋਰਟ ਦੇ ਆਧਾਰ ਤੇ ਉਚਿਤ ਕਦਮ ਚੁੱਕੇ ਜਾਣਗੇ, ਪਰ ਅੱਜ ਤੱਕ ਕੁਝ ਨਹੀਂ ਕੀਤਾ ਗਿਆ । ਹਜ਼ਾਰੇ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਮੈਂ 5 ਫਰਵਰੀ 2019 ਨੂੰ ਖ਼ਤਮ ਕੀਤੀ ਗਈ ਭੁੱਖ ਹੜਤਾਲ ਫਿਰ ਤੋਂ ਸ਼ੁਰੂ ਕਰਨ ਤੇ ਵਿਚਾਰ ਕਰ ਰਿਹਾ ਹਾਂ। 80 ਸਾਲਾ ਹਜ਼ਾਰੇ ਨੇ ਕਿਹਾ ਕਿ ਛੇਤੀ ਹੀ ਕੇਂਦਰ ਸਰਕਾਰ ਨੂੰ ਹੜਤਾਲ ਦੀ ਤਾਰੀਖ਼ ਅਤੇ ਸਥਾਨ ਬਾਰੇ ਦੱਸ ਦਿੱਤਾ ਜਾਵੇਗਾ।