Arvind Kejriwal Visits Singhu Border: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ । ਅੱਜ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿੰਘੂ ਬਾਰਡਰ ਪਹੁੰਚੇ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਡਟੇ ਹੋਏ ਹਨ । ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਵੱਲੋਂ ਮੰਗਲਵਾਰ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਹੈ ।
ਸਿੰਘੂ ਬਾਰਡਰ ‘ਤੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਹਰ ਮੰਗ ਦਾ ਸਮਰਥਨ ਕਰਦੇ ਹਾਂ, ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਜਾਇਜ਼ ਹੈ। ਦਿੱਲੀ ਸਰਕਾਰ ਅਤੇ ਸਾਡੀ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿੱਚ ਨਾਲ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਬਾਰਡਰ ‘ਤੇ ਆਏ, ਕੇਂਦਰ ਅਤੇ ਦਿੱਲੀ ਪੁਲਿਸ ਨੇ ਸਾਨੂੰ ਦਿੱਲੀ ਦੇ 9 ਸਟੇਡੀਅਮ ਜੇਲ੍ਹ ਬਣਾਉਣ ਦੀ ਇਜਾਜ਼ਤ ਮੰਗੀ ਸੀ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਸਾਡੇ ‘ਤੇ ਦਬਾਅ ਬਣਾਇਆ ਗਿਆ ਸੀ, ਪਰ ਅਸੀਂ ਕੋਈ ਇਜਾਜ਼ਤ ਨਹੀਂ ਦਿੱਤੀ । ਸਾਡੀ ਸਰਕਾਰ ਅਤੇ ਪਾਰਟੀ ਲਗਾਤਾਰ ਸੇਵਕਾਂ ਦੀ ਤਰ੍ਹਾਂ ਕਿਸਾਨਾਂ ਦੀ ਸੇਵਾ ਕਰਨ ਵਿੱਚ ਲੱਗੀ ਹੋਈ ਹੈ । ਮੈਂ ਇੱਕ ਸੇਵਾਦਾਰ ਵਜੋਂ ਆਇਆ ਹਾਂ ਅਤੇ ਕਿਸਾਨਾਂ ਦੀ ਸੇਵਾ ਕਰਨ ਆਇਆ ਹਾਂ। ਉਨ੍ਹਾਂ ਕਿਹਾ ਕਿ ਕਿਸਾਨ ਲਗਾਤਾਰ ਮਿਹਨਤ ਕਰ ਕੇ ਅੰਨ ਪੈਦਾ ਕਰਦਾ ਹੈ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਿਸਾਨਾਂ ਦੀ ਸੇਵਾ ਕਰੀਏ। ਇੱਥੇ ਪਹੁੰਚ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ।
ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਅਸੀਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਆਏ ਹਾਂ । ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦੇਸ਼ ਲਈ ਬੈਠੇ ਹਨ । ਜੇਕਰ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਦੇਸ਼ ਦੀ ਹਰ ਪਾਰਟੀ ਨੂੰ ਉਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਸਿੰਘੂ ਬਾਰਡਰ ‘ਤੇ ਵੀ ਗਏ ਸਨ ਅਤੇ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ ਸੀ । ਆਮ ਆਦਮੀ ਪਾਰਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਉਹ ਕਿਸਾਨਾਂ ਵੱਲੋਂ ਬੁਲਾਏ ਗਏ ਭਾਰਤ ਬੰਦ ਦਾ ਸਮਰਥਨ ਕਰਦੀ ਹੈ ਅਤੇ 8 ਦਸੰਬਰ ਨੂੰ ਦੇਸ਼ ਵਿੱਚ ਪ੍ਰਦਰਸ਼ਨ ਕਰੇਗੀ ।
ਇਹ ਵੀ ਦੇਖੋ: ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ਸਿੰਘੂ ਬਾਰਡਰ,ਕਿਸਾਨਾਂ ਨਾਲ ਕੀਤੀ ਗੱਲ ਬਾਤ