Atal Bihari Vajpayee birth anniversary: ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦਾ ਜਨਮਦਿਨ ਹੈ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦੈਵ ਅਟਲ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਸੰਸਦ ਭਵਨ ਵਿੱਚ ਇੱਕ ਕਿਤਾਬ ਜਾਰੀ ਕਰਨਗੇ । ਭਾਰਤ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇਸ਼ ਦੇ ਕਈ ਹਿੱਸਿਆਂ ਵਿਚ ਇਹ ਸਮਾਗਮ ਮਨਾ ਰਹੀ ਹੈ।
ਇਸ ਤੋਂ ਇਲਾਵਾ ਰਾਸ਼ਟਰਪਤੀ ਰਾਮਨਾਥ ਕੋਵਿੰਦ,ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਕਈ ਦਿੱਗਜ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ । ਇਸ ਦੌਰਾਨ ਅਟਲ ਬਿਹਾਰੀ ਵਾਜਪਾਈ ਦੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ।
ਇਸ ਸਬੰਧੀ ਪੀਐੱਮ ਮੋਦੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਲਿਖਿਆ,”ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਤ-ਸ਼ਤ ਨਮਨ। ਆਪਣੀ ਦੂਰਅੰਦੇਸ਼ੀ ਅਗਵਾਈ ਹੇਠ ਉਨ੍ਹਾਂ ਨੇ ਦੇਸ਼ ਨੂੰ ਵਿਕਾਸ ਦੀਆਂ ਬੇਮਿਸਾਲ ਸਿਖਰਾਂ ‘ਤੇ ਪਹੁੰਚਾਇਆ । ਇੱਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦੇ ਨਿਰਮਾਣ ਲਈ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ”
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਜਯੰਤੀ ‘ਤੇ ਕਿਹਾ,’ਵਿਚਾਰਧਾਰਾ-ਸਿਧਾਂਤਾਂ ‘ਤੇ ਅਧਾਰਿਤ ਰਾਜਨੀਤੀ ਤੇ ਰਾਸ਼ਟਰ ਨੂੰ ਸਮਰਪਿਤ ਜੀਵਨ ਨਾਲ ਭਾਰਤ ਵਿੱਚ ਵਿਕਾਸ, ਗਰੀਬ ਕਲਿਆਣ ਤੇ ਸੁਸ਼ਾਸਨ ਦੇ ਯੁੱਗ ਦੀ ਸ਼ੁਰੂਆਤ ਕਰਨ ਵਾਲੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਜੀ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਨੂੰ ਸਲਾਮ। ਅਟਲ ਜੀ ਦਾ ਫਰਜ਼ ਅਤੇ ਰਾਸ਼ਟਰੀ ਸੇਵਾ ਸਾਡੇ ਲਈ ਹਮੇਸ਼ਾਂ ਪ੍ਰੇਰਣਾ ਦਾ ਕੇਂਦਰ ਰਹੇਗੀ।”
ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਯਾਦ ਕਰਦਿਆਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ‘ਮੈਂ ਸਾਬਕਾ ਰਾਜ ਮੰਤਰੀ ਅਤੇ ਭਾਰਤੀ ਰਾਜਨੀਤੀ ਦੇ ਸਿਖਰ ਪੁਰਸ਼ ਅਟਲ ਬਿਹਾਰੀ ਵਾਜਪਾਈ ਜੀ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਨੂੰ ਯਾਦ ਕਰਦਾ ਹਾਂ ਅਤੇ ਉਨ੍ਹਾਂ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਨੇ ਭਾਰਤ ਵਿੱਚ ਵਿਕਾਸ ਅਤੇ ਚੰਗੇ ਪ੍ਰਸ਼ਾਸਨ ਦੇ ਨਵੇਂ ਮਾਪਦੰਡ ਨਿਰਧਾਰਤ ਕੀਤੇ । ਅਟਲ ਜੀ ਨੇ ਰਾਜਨੀਤੀ ਵਿੱਚ ਮਰਿਆਦਾ ਦਾ ਪਾਲਣ ਕੀਤਾ। ਇਹ ਦੇਸ਼ ਹਮੇਸ਼ਾਂ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਣਾ ਲਵੇਗਾ।”