Beant singh assassination case : ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ, ਜਿਸ ਤੋਂ ਬਾਅਦ ਅਦਾਲਤ ਨੇ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਲਈ ਛੇ ਹਫ਼ਤਿਆਂ ਦਾ ਸਮਾਂ ਦਿੱਤਾ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਇਸ ਮੁੱਦੇ ਨੂੰ ਛੇ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ। ਐਸ ਜੀ ਨੇ ਕਿਹਾ ਕਿ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਦੋਸ਼ੀ ਹੈ। ਮਹਿਤਾ ਜੋ ਕਿ ਕੇਂਦਰ ਸਰਕਾਰ ਲਈ ਪੇਸ਼ ਹੋ ਰਹੇ ਹਨ ਨੇ ਕਿਹਾ ਕਿ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਰਾਸ਼ਟਰਪਤੀ ਨੇ ਇਸ ਪਟੀਸ਼ਨ ‘ਤੇ ਫੈਸਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਕਦੋਂ ਕੋਈ ਫੈਸਲਾ ਲੈਣਗੇ ਇਸ ਬਾਰੇ ਉਹ ਕੁੱਝ ਵੀ ਵਾਅਦਾ ਨਹੀਂ ਕਰ ਸਕਦੇ।
ਮਾਮਲੇ ਨੂੰ 6 ਹਫ਼ਤਿਆਂ ਲਈ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਰਾਸ਼ਟਰਪਤੀ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਪਿੱਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਦੋ ਹਫਤਿਆਂ ਵਿਚ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਆਖ਼ਰੀ ਮੌਕਾ ਦਿੱਤਾ ਸੀ। ਇਸ ਤੋਂ ਪਹਿਲਾਂ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ 26 ਜਨਵਰੀ ਤੱਕ ਫੈਸਲਾ ਲੈਣਾ ਚਾਹੀਦਾ ਹੈ, ਜਿਸ ਵਿੱਚ ਸਜ਼ਾ ਘੱਟ ਕਰਨ ਦੀ ਅਪੀਲ ਕੀਤੀ ਗਈ ਹੈ।