Bhagat Singh kin threaten: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਦੌਰਾਨ ਕਿਸਾਨ ਅੰਦੋਲਨ ਦੇ ਹੱਕ ਵਿੱਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 23 ਮਾਰਚ ਤੋਂ ਕਿਸਾਨਾਂ ਨਾਲ ਮਰਨ ਵਰਤ ’ਤੇ ਬੈਠਣਗੇ।
ਦਰਅਸਲ, ਅਭੈ ਸਿੰਘ ਸੰਧੂ ਅੰਗਰੇਜ਼ ਹਕੂਮਤ ਖ਼ਿਲਾਫ਼ ਚੱਲੀ ‘ਪੱਗੜੀ ਸੰਭਾਲ ਜੱਟਾ’ ਮੁਹਿੰਮ ਦੇ ਬਾਨੀ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਬਾਰਡਰ ‘ਤੇ ਪਹੁੰਚੇ ਸੀ। ਇਸ ਮੌਕੇ ਅਭੈ ਸੰਧੂ ਨੇ ‘ਪੱਗੜੀ ਸੰਭਾਲ ਜੱਟਾ’ ਅੰਦੋਲਨ ਦੇ ਪਿਛੋਕੜ ਬਾਰੇ ਦੱਸਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਸਲਾਹ ਦਿੱਤੀ । ਇਸਦੇ ਨਾਲ ਹੀ ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਤੇ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਦੇਸ਼ ਦੇ ਨੌਜਵਾਨ ਬਾਗ਼ੀ ਨਾ ਹੋ ਜਾਣ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਲੇ ਮਹੀਨੇ 23 ਮਾਰਚ ਨੂੰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੱਕ ਜੇਕਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਕਿਸਾਨਾਂ ਨਾਲ ਮਰਨ ਵਰਤ ‘ਤੇ ਬੈਠਣਗੇ।
ਦੱਸ ਦੇਈਏ ਕਿ ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨ ਪਾਲ ਵੀ ਮੌਜੂਦ ਸਨ। ਇਸ ਬਾਰੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਹ ਗ਼ਲਤਫਹਿਮੀ ਹੈ ਕਿ ਕਿਸਾਨ ਉਨ੍ਹਾਂ ਦੀਆਂ ਚਾਲਾਂ ਵਿੱਚ ਫਸ ਕੇ ਇਥੋਂ ਅੰਦੋਲਨ ਖਤਮ ਕਰ ਕੇ ਛੇਤੀ ਹੀ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ਨੂੰ ਭੁੱਲ ਬੈਠੀ ਹੈ ਕਿ ਅੰਗਰੇਜ਼ਾਂ ਨੂੰ ਦੇਸ਼ ਵਿੱਚੋਂ ਭਜਾਉਣ ਲਈ ਲੰਬੇ ਸਮੇਂ ਤੱਕ ਸੰਘਰਸ਼ ਚੱਲਿਆ ਸੀ ਤੇ ਉਹ ਵੀ ਇਨ੍ਹਾਂ ਕਾਨੂੰਨਾਂ ਨੂੰ ਖਤਮ ਕਰਵਾਏ ਬਿਨ੍ਹਾਂ ਵਾਪਸ ਨਹੀਂ ਜਾਣਗੇ।