ਪੰਜਾਬ ਦੇ ਫਿਰੋਜ਼ਪੁਰ ‘ਚ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਬੀ.ਜੇ.ਪੀ ਅੱਜ ਰਾਜਪਾਲ ਬੀ.ਐੱਲ. ਪੁਰੋਹਿਤ ਨਾਲ ਮੁਲਾਕਾਤ ਕਰੇਗੀ। ਜਿਸ ਵਿੱਚ ਉਹ ਪੰਜਾਬ ਵਿੱਚ ਸਰਕਾਰ ਨੂੰ ਬਰਖਾਸਤ ਕਰਕੇ ਰਾਸ਼ਟਰਪਤੀ ਸ਼ਾਸਨ ਦੀ ਮੰਗ ਕਰ ਸਕਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਸ ਦੀ ਮੰਗ ਕਰ ਚੁੱਕੇ ਹਨ।
ਇਸ ਦੇ ਨਾਲ ਹੀ ਪੀਐੱਮ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਵੀ ਫੁੱਟ ਪੈ ਗਈ ਹੈ। ਇਸ ਤੋਂ ਪਹਿਲਾਂ ਸਾਬਕਾ ਸੂਬਾ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਇਸ ‘ਤੇ ਸਵਾਲ ਖੜ੍ਹੇ ਕੀਤੇ। ਇਸ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਰਾਣਾ ਗੁਰਜੀਤ ਨੇ ਸੀਐਮ ਚਰਨਜੀਤ ਚੰਨੀ ਨੂੰ ਕੈਬਨਿਟ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਫਿਰੋਜ਼ਪੁਰ ਤੋਂ ਵਿਧਾਇਕ ਪਰਮਿੰਦਰ ਪਿੰਕੀ ਨੇ ਇਸ ਲਈ ਡੀਜੀਪੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਕਿਸੇ ਵੀ ਪਾਰਟੀ ਦਾ ਹੋਵੇ, ਉਸ ਦਾ ਅਪਮਾਨ ਨਹੀਂ ਹੋਣਾ ਚਾਹੀਦਾ ਸੀ। ਲੋਕ ਇਕੱਠੇ ਹੋਣ ਜਾਂ ਨਾ ਹੋਣ ਇਹ ਉਨ੍ਹਾਂ ਦੀ ਪਾਰਟੀ ਦਾ ਮੁੱਦਾ ਹੈ, ਪਰ ਪ੍ਰਧਾਨ ਮੰਤਰੀ ਦਾ ਰਸਤਾ ਰੋਕਣਾ ਗਲਤ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਅਤੇ ਗ੍ਰਹਿ ਮੰਤਰੀ ਨੇ ਇਹ ਪ੍ਰਬੰਧ ਕਰਨਾ ਸੀ। ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਅਤੇ ਬਦਲਵਾਂ ਰਸਤਾ ਰੱਖਣਾ ਚਾਹੀਦਾ ਸੀ। ਇਸ ਮਾਮਲੇ ਵਿੱਚ, ਸੁਰੱਖਿਆ ‘ਚ ਕੁਤਾਹੀ ਲਈ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਸੀ। ਇਸ ਨਾਲ ਪੰਜਾਬ ਸਰਕਾਰ ਦਾ ਅਕਸ ਖਰਾਬ ਹੋਇਆ ਹੈ। ਮੁੱਖ ਮੰਤਰੀ ਨੂੰ ਕੈਬਨਿਟ ਮੀਟਿੰਗ ਬੁਲਾ ਕੇ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ।
ਵਿਧਾਇਕ ਪਰਮਿੰਦਰ ਪਿੰਕੀ ਨੇ ਕਿਹਾ ਕਿ ਕਿਸਾਨਾਂ ਦਾ ਵਿਰੋਧ ਠੀਕ ਹੈ, ਪਰ ਡੀਜੀਪੀ ਦਾ ਫਰਜ਼ ਬਣਦਾ ਸੀ ਕਿ ਉਹ ਉਨ੍ਹਾਂ ਨੂੰ ਵੱਖਰਾ ਰਸਤਾ ਦਿੰਦੇ। ਜੇਕਰ ਪ੍ਰਧਾਨ ਮੰਤਰੀ ਦਾ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਡੀਜੀਪੀ ਨੂੰ ਉੱਥੇ ਜਾਣਾ ਪੈਂਦਾ ਹੈ। ਹੁਣ ਫਰੀਦਕੋਟ ਅਤੇ ਫ਼ਿਰੋਜ਼ਪੁਰ ਦੇ ਐਸਐਸਪੀ ਨੂੰ ਮੁਅੱਤਲ ਕਰਨ ਦੀ ਚਰਚਾ ਹੈ। ਇਸ ਲਈ ਡੀ.ਜੀ.ਪੀ. ਜਿੰਮੇਵਾਰ ਹੈ। ਸੀਐਮ ਨੂੰ ਸਮਾਂਬੱਧ ਜਾਂਚ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਕਿਸੇ ਇੱਕ ਪਾਰਟੀ ਦਾ ਨਹੀਂ ਸਗੋਂ ਪੂਰੇ ਦੇਸ਼ ਦਾ ਹੁੰਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਫਿਰੋਜ਼ਪੁਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨ ਜਾ ਰਹੇ ਸਨ। ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੈਲੀ ਵਾਲੀ ਥਾਂ ਤੋਂ ਕਰੀਬ 8 ਕਿਲੋਮੀਟਰ ਦੂਰ ਇੱਕ ਫਲਾਈਓਵਰ ‘ਤੇ ਰੋਕਣਾ ਪਿਆ। ਜਿੱਥੇ ਉਹ ਕਰੀਬ 20 ਮਿੰਟ ਤੱਕ ਖੜ੍ਹੇ ਰਹੇ। ਜਿਸ ਥਾਂ ‘ਤੇ ਪ੍ਰਧਾਨ ਮੰਤਰੀ ਠਹਿਰੇ ਸਨ, ਉਹ ਪਾਕਿਸਤਾਨ ਸਰਹੱਦ ਤੋਂ ਕੁਝ ਕਿਲੋਮੀਟਰ ਦੂਰ ਸਥਿਤ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਕਿ ਇਸ ਸਬੰਧੀ ਰਿਪੋਰਟ ਮੰਗੀ ਗਈ ਹੈ। ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਇਸ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: