BKU leader Rakesh Tikait Says: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋਣੀ ਹੈ। ਅੱਜ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਦੋ ਸਭ ਤੋਂ ਮਹੱਤਵਪੂਰਣ ਮੰਗਾਂ ‘ਤੇ ਵਿਚਾਰ ਕੀਤਾ ਜਾਣਾ ਹੈ। ਇਨ੍ਹਾਂ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਸ਼ਾਮਿਲ ਹੈ।
ਇਸੇ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਬੈਠਕ ਦਾ ਏਜੰਡਾ ਸਵਾਮੀਨਾਥਨ ਕਮੇਟੀ ਦੀ ਰਿਪੋਰਟ, ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਹੋਵੇਗਾ। ਅਸੀਂ ਵਾਪਸ ਨਹੀਂ ਜਾਵਾਂਗੇ। ਉਨ੍ਹਾਂ ਕਿਹਾ ਕਿ ਹੁਣ ਤੱਕ 60 ਕਿਸਾਨ ਸ਼ਹੀਦ ਹੋ ਚੁੱਕੇ ਹਨ। ਜਿਸਦਾ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਜੇ ਅੱਜ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਬਣਦੀ ਅਤੇ MSP ਗਰੰਟੀ ਦਾ ਕਾਨੂੰਨ ਨਹੀਂ ਆਉਂਦਾ ਤਾਂ ਸਾਡੇ ਅਗਲੇ ਪ੍ਰੋਗਰਾਮ ਪਹਿਲਾਂ ਤੋਂ ਹੀ ਤਿਆਰ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ 6 ਜਨਵਰੀ ਨੂੰ ਟਰੈਕਟਰ ਮਾਰਚ , 7 ਜਨਵਰੀ ਨੂੰ ਦੇਸ਼ ਨੂੰ ਜਗਾਉਣ ਦਾ ਅਭਿਆਨ ਸ਼ੁਰੂ ਹੋਵੇਗਾ ।
ਇਸ ਮਾਮਲੇ ਵਿੱਚ ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਅੰਦੋਲਨ ਨੂੰ ਤੇਜ਼ ਕਰਨਗੇ । ਕਿਸਾਨ ਜੱਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਉਹ 13 ਜਨਵਰੀ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਕਾਪੀ ਸਾੜ ਕੇ ਲੋਹੜੀ ਮਨਾਉਣਗੇ ਅਤੇ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮਦਿਨ ਮੌਕੇ ਵੀ ਕਿਸਾਨ ਦਿਵਸ ਮਨਾਉਣਗੇ।