BKU members met : ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ 20ਵੇਂ ਦਿਨ ਵੀ ਜਾਰੀ ਹੈ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਬੀਤੇ ਕੱਲ੍ਹ ਕਿਸਾਨ ਜਥੇਬੰਦੀਆਂ ਵੱਲੋਂ ਭੁੱਖ ਹੜਤਾਲ ਵੀ ਕੀਤੀ ਗਈ ਸੀ ਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਸਮਰਥਨ ਵੀ ਮਿਲਿਆ ਸੀ। ਕਿਸਾਨੀ ਅੰਦੋਲਨ ਦੇ ਵਿਚਕਾਰ, ਕਾਂਗਰਸ ਨੇ ਸੋਮਵਾਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ ਦੇ ਸਬੰਧੀ ‘ਤੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ‘ਚੋਣ ਫਾਈਨੈਂਸਰਾ’ ਤੋਂ ਆਪਣਾ ਹੱਥ ਛੱਡਾ ਕੇ ਅੰਨਦਾਤਾ ਦਾ ਹੱਥ ਫੜਨਾ ਚਾਹੀਦਾ ਹੈ।
ਸਰਕਾਰ ਵੱਲੋਂ ਕਿਸਾਨਾਂ ਨੂੰ ਮਨਾਉਣ ਦੀ ਵਾਰ-ਵਾਰ ਕੋਸ਼ਿਸ਼ ਵੀ ਕੀਤੀ ਜਾਂਦੀ ਰਹੀ ਹੈ। ਇਸੇ ਦਰਮਿਆਨ ਖਬਰ ਮਿਲੀ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮਿਲੇ ਹਨ ਅਤੇ ਉਨ੍ਹਾਂ ਵੱਲੋਂ 3 ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਗੱਲਬਾਤ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਅੰਦੋਲਨ ਦੀ ਸਫਲਤਾ ਲਈ ਗੁਪਤ ਮੀਟਿੰਗਾਂ ਕਰਕੇ ਡੂੰਘਾਈ ਨਾਲ ਵਿਚਾਰ ਵਟਾਂਦਰੇ ਸ਼ੁਰੂ ਕੀਤੇ ਹਨ। ਸੰਸਥਾਵਾਂ ਦੇ ਪ੍ਰਮੁੱਖ ਨੇਤਾਵਾਂ ਨੇ ਆਪਸੀ ਗੱਲਬਾਤ ਨੂੰ ਵਧਾ ਦਿੱਤਾ ਹੈ। ਹੁਣ ਵਿਚਾਰ ਵਟਾਂਦਰੇ ਦਾ ਮੁੱਖ ਕੇਂਦਰ ਇਹ ਹੈ ਕਿ ਅੰਦੋਲਨ ਨੂੰ ਸਫਲਤਾਪੂਰਵਕ ਕਿਵੇਂ ਕੀਤਾ ਜਾਵੇ।
ਸੂਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਵੀ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹਿੰਸਾ ਕਰਨ ਵਾਲਿਆਂ ਦਾ ਕਿਸਾਨੀ ਲਹਿਰ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਜੇਕਰ ਅਜਿਹੇ ਲੋਕ ਫੜੇ ਜਾਂਦੇ ਹਨ ਤਾਂ ਉਨ੍ਹਾਂ ਖਿਲਾਫ ਪੁਲਿਸ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਅਸੀਂ ਵੀ ਅਜਿਹੇ ਅਨਸਰਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰਾਂਗੇ ਦੂਜੇ ਪਾਸੇ, ਦੇਸ਼ ਦੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਪੱਧਰ ‘ਤੇ ਕਿਸਾਨਾਂ ਨੂੰ ਯਕੀਨ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਅੱਗੇ ਵੀ ਜਾਰੀ ਰਹੇਗੀ। ਸਰਕਾਰ ਨੂੰ ਕੋਈ ਕਾਹਲੀ ਨਹੀਂ ਹੈ। ਪਰ ਕੁਝ ਲੋਕ ਕਿਸਾਨਾਂ ਦੀ ਆੜ ਵਿੱਚ ਰਾਜਨੀਤੀ ਕਰ ਰਹੇ ਹਨ। ਸਰਕਾਰ ਕਿਸਾਨਾਂ ਦੇ ਖਿਲਾਫ ਕੋਈ ਫੈਸਲਾ ਨਹੀਂ ਲੈ ਸਕਦੀ ਅਤੇ ਨਾ ਹੀ ਲਵੇਗੀ।