ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ‘ਚ ਤ੍ਰਿਣਮੂਲ ਕਾਂਗਰਸ ਦੇ ਨੇਤਾ ਦੀ ਹੱਤਿਆ ਤੋਂ ਬਾਅਦ ਭੜਕੀ ਹਿੰਸਾ ‘ਚ 8 ਲੋਕਾਂ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਚ ਕਲਕੱਤਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਕਲਕੱਤਾ ਹਾਈ ਕੋਰਟ ਨੇ ਬੁੱਧਵਾਰ (23 ਮਾਰਚ) ਨੂੰ ਇਸ ਘਟਨਾ ਦਾ ਖੁਦ ਨੋਟਿਸ ਲਿਆ ਸੀ ਅਤੇ ਚੀਫ ਜਸਟਿਸ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਅਪ੍ਰੈਲ ਨੂੰ ਹੋਵੇਗੀ ਅਤੇ ਉਸੇ ਦਿਨ ਸੀਬੀਆਈ ਆਪਣੀ ਮੁੱਢਲੀ ਰਿਪੋਰਟ ਦਾਖ਼ਲ ਕਰੇਗੀ।
ਕਲਕੱਤਾ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਸਾਰੇ ਦਸਤਾਵੇਜ਼ ਅਤੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਐਸਆਈਟੀ ਨੂੰ ਹੋਰ ਜਾਂਚ ਨਾ ਕਰਨ ਲਈ ਵੀ ਕਿਹਾ ਹੈ। ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲੇ ‘ਚ ਟੀਐੱਮਸੀ ਦੇ ਪੰਚਾਇਤ ਨੇਤਾ ਭਾਦੂ ਸ਼ੇਖ ‘ਤੇ 4 ਬਦਮਾਸ਼ਾਂ ਨੇ ਬੰਬ ਨਾਲ ਹਮਲਾ ਕੀਤਾ ਸੀ। ਬਾਅਦ ਵਿੱਚ ਇਸ ਘਟਨਾ ਵਿੱਚ ਉਸਦੀ ਮੌਤ ਹੋ ਗਈ। ਇਸ ਤੋਂ ਬਾਅਦ ਟੀਐਮਸੀ ਨੇਤਾਵਾਂ ਦੇ ਇੱਕ ਸਮੂਹ ਨੇ ਇਲਾਕੇ ਵਿੱਚ ਹਿੰਸਾ ਕਰਨੀ ਸ਼ੁਰੂ ਕਰ ਦਿੱਤੀ। ਸ਼ੱਕ ਦੇ ਆਧਾਰ ‘ਤੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਗਈ, ਜਿਸ ਕਾਰਨ ਇਕ ਹੀ ਘਰ ‘ਚ 8 ਲੋਕ ਜ਼ਿੰਦਾ ਸੜ ਗਏ। ਭਾਰੀ ਤਣਾਅ ਨੂੰ ਦੇਖਦੇ ਹੋਏ ਮੌਕੇ ‘ਤੇ ਵੱਡੀ ਗਿਣਤੀ ‘ਚ ਵਾਧੂ ਪੁਲਸ ਬਲ ਤਾਇਨਾਤ ਕੀਤੇ ਗਏ ਹਨ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀਰਵਾਰ ਨੂੰ ਰਾਮਪੁਰਹਾਟ ਪਹੁੰਚੀ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀੜਤ ਪਰਿਵਾਰਾਂ ਨੂੰ 5 ਲੱਖ ਰੁਪਏ ਅਤੇ ਘਰ ਬਣਾਉਣ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 10 ਪੀੜਤ ਪਰਿਵਾਰਾਂ ਨੂੰ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦੀ ਗੱਲ ਵੀ ਕਹੀ।
ਵੀਡੀਓ ਲਈ ਕਲਿੱਕ ਕਰੋ -: