Call Of Farmers From Ghazipur Farmers: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 33ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਕਿਸਾਨਾਂ ਵੱਲੋਂ ਸੋਮਵਾਰ ਨੂੰ ਗਾਜ਼ੀਪੁਰ ਬਾਰਡਰ ‘ਤੇ ਆਪਣੇ ਪਰਿਵਾਰਾਂ ਨਾਲ ਨਵਾਂ ਸਾਲ ਮਨਾਉਣ ਦਾ ਸੱਦਾ ਦਿੱਤਾ ਗਿਆ । ਕਿਸਾਨ ਆਗੂਆਂ ਨੇ ਦਿੱਲੀ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਾਲ ਨਵਾਂ ਸਾਲ ਕਿਸਾਨਾਂ ਦੇ ਨਾਲ ਮਨਾਉਣ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ । ਗਾਜੀਪੁਰ ਵਿੱਚ ਧਰਨੇ ਦਾ ਸੰਚਾਲਨ ਕਰ ਰਹੀ ਕਮੇਟੀ ਨੇ ਐਲਾਨ ਕੀਤਾ ਕਿ ਇਸ ਲਈ ਤਿਆਰੀ ਕੀਤੀ ਜਾ ਰਹੀ ਹੈ।
ਇੱਥੇ ਮਹਿਲਾਵਾਂ ਨੂੰ ਸਹੂਲਤਾਂ ਦੇਣ ਅਤੇ ਉਨ੍ਹਾਂ ਦੇ ਰਹਿਣ-ਸਹਿਣ ਦੇ ਪ੍ਰਬੰਧ ਕਰਨ ਲਈ ਇਕ ਵੱਖਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ । ਹੋਰ ਥਾਵਾਂ ਦੀ ਤਰ੍ਹਾਂ ਗਾਜ਼ੀਪੁਰ ਬਾਰਡਰ ‘ਤੇ ਵੀ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਦਾ ਸਿਲਸਿਲਾ ਜਾਰੀ ਹੈ। ਸੋਮਵਾਰ ਨੂੰ 11 ਕਿਸਾਨ ਸਟੇਜ ‘ਤੇ ਹੜਤਾਲ ‘ਤੇ ਬੈਠੇ ਸਨ । ਡਾਕਟਰਾਂ ਨੇ ਵਰਤ ਰੱਖਣ ਵਾਲੇ ਕਿਸਾਨਾਂ ਦਾ ਮੈਡੀਕਲ ਚੈਕਅਪ ਕੀਤਾ ਅਤੇ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਰਿਪੋਰਟ ਭੇਜੀ।
ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ (ਦੁਆਬ-ਪੰਜਾਬ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀ ਨੀਅਤ ਸਹੀ ਨਹੀਂ ਹੈ । ਹੁਣ ਸਰਕਾਰ ਦੇ ਇਸ਼ਾਰੇ ‘ਤੇ ਕਿਸਾਨਾਂ ਖਿਲਾਫ ਮੁਕੱਦਮੇ ਵੀ ਦਰਜ ਕੀਤੇ ਜਾਣ ਲੱਗ ਗਏ ਹਨ। ਉੱਤਰਾਖੰਡ ਵਿੱਚ ਦਿੱਲੀ ਵੱਲ ਕੂਚ ਕਰ ਰਹੇ 1500 ਤੋਂ ਵੱਧ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਇਸ ਤਰ੍ਹਾਂ ਦੇ ਮੁਕੱਦਮਿਆਂ ਤੋਂ ਨਾ ਡਰਨ।
ਦੱਸ ਦੇਈਏ ਕਿ ਕਿਸਾਨ ਨੇਤਾਵਾਂ ਨੇ ਸਟੇਜ ਤੋਂ ਇਹ ਵੀ ਐਲਾਨ ਕੀਤਾ ਕਿ ਕਿਸੇ ਵੀ ਸਰਗਰਮ ਨੇਤਾ ਨੂੰ ਸਟੇਜ ‘ਤੇ ਚੜ੍ਹਨ ਨਹੀਂ ਦਿੱਤਾ ਜਾਵੇਗਾ। ਜੇ ਕੋਈ ਲੀਡਰ ਇੱਥੇ ਆਉਣਾ ਚਾਹੁੰਦਾ ਹੈ, ਤਾਂ ਉਸਨੂੰ ਇੱਥੇ ਆਮ ਕਿਸਾਨ ਦੇ ਪੁੱਤਰ ਵਜੋਂ ਆ ਕੇ ਬੈਠਣਾ ਪਵੇਗਾ। ਉਸ ਨੂੰ ਸਟੇਜ ‘ਤੇ ਵਿਚਾਰ ਰੱਖਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਹ ਮੰਚ ਚਲਾ ਰਹੀ ਕਮੇਟੀ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਐਮਐਸਪੀ ‘ਤੇ ਕਾਨੂੰਨ ਬਣਾਉਣ ਤੋਂ ਇਲਾਵਾ ਤਿੰਨੋਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ।
ਇਹ ਵੀ ਦੇਖੋ: ਗੁਰੂ ਦੇ ਸਿੰਘਾਂ ਨੇ ਕਵਿਤਾ ਸੁਣਾ ਕੇ ਦਿੱਤੀ ਸਰਦਾਰਾਂ ਦੀ ਬਹਾਦਰੀ ਉਦਹਾਰਣ, ਤੁਸੀਂ ਵੀ ਜਰੂਰ ਸੁਣੋ