ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ।
ਅਮਰਿੰਦਰ ਸਿੰਘ ਨੇ ਡੋਭਾਲ ਨਾਲ ਇਹ ਮੁਲਾਕਾਤ ਅਜਿਹੇ ਸਮੇਂ ਕੀਤੀ, ਜਦੋਂ ਪੰਜਾਬ ਵਿੱਚ ਸਿਆਸੀ ਅਸਥਿਰਤਾ ਜਾਰੀ ਹੈ। ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਵਿਚਲਾ ਕਾਟੋ-ਕਲੇਸ਼ ਦਿੱਲੀ ਤੱਕ ਪਹੁੰਚ ਗਿਆ ਹੈ।
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਜਿੱਥੇ ਦੋਹਾਂ ਵਿਚਾਲੇ ਕਰੀਬ 45 ਮਿੰਟਾਂ ਤੱਕ ਗੱਲਬਾਤ ਹੋਈ। ਮੰਨਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੇ ਅਮਰਿੰਦਰ ਸਿੰਘ ਨਾਲ ਭਾਜਪਾ ਵਿੱਚ ਸ਼ਾਮਿਲ ਹੋਣ ਦੀ ਚਰਚਾ ਕੀਤੀ।
ਦੱਸ ਦੇਈਏ ਕਿ ਇਸ ਸਬੰਧੀ ਅਮਰਿੰਦਰ ਸਿੰਘ ਦੇ ਸਲਾਹਕਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਦੋਹਾਂ ਨੇਤਾਵਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਾਰੀ ਪ੍ਰਦਰਸ਼ਨ ‘ਤੇ ਗੱਲ ਕੀਤੀ। ਕੈਪਟਨ ਨੇ ਸ਼ਾਹ ਨਾਲ ਜਲਦ ਤੋਂ ਜਲਦ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਕੇ MSP ਲਾਗੂ ਕਰਨ ਦੀ ਮੰਗ ਵੀ ਚੁੱਕੀ।