ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੂਬੇ ਦੀ ਸਿਆਸਤ ‘ਚ ਕਈ ਵੱਡੇ ਉਲਟਫੇਰ ਦੇਖਣ ਨੂੰ ਮਿਲ ਰਹੇ ਹਨ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਦੌਰੇ ਤੋਂ ਬਾਅਦ ਅਟਕਲਾਂ ਦਾ ਬਜ਼ਾਰ ਕਾਫੀ ਗਰਮ ਹੈ। ਕਿਹਾ ਜਾ ਰਿਹਾ ਹੈ ਕਿ ਕੈਪਟਨ ਨੇ ਖੇਤੀਬਾੜੀ ਕਾਨੂੰਨਾਂ ਦਾ ਮਸਲਾ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਕੁੱਝ ਕਿਸਾਨ ਆਗੂਆਂ ਨਾਲ ਵੀ ਗੱਲਬਾਤ ਕੀਤੀ ਹੈ। ਅਗਲੇ ਸਾਲ ਪੰਜਾਬ ਅਤੇ ਯੂਪੀ ਸਣੇ ਕੁੱਲ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪਰ ਕਿਸਾਨ ਅੰਦੋਲਨ ਕਾਰਨ ਭਾਜਪਾ ਨੂੰ ਕਾਫੀ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਇਸੇ ਲਈ ਕੈਪਟਨ ਨੂੰ ਇਸ ਮਸਲੇ ਦੇ ਹੱਲ ਲਈ ਅਹਿਮ ਕੜੀ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੌਰੇ ਦੌਰਾਨ ਕੇਂਦਰ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਇਹ ਸਮਝਣ ਦੀ ਕੋਸ਼ਿਸ਼ ਕੀਤੀ ਕਿ ਕੇਂਦਰ ਸਰਕਾਰ ਇਸ ਮੁੱਦੇ ‘ਤੇ ਕਿਸ ਹੱਦ ਤੱਕ ਪਿੱਛੇ ਹੱਟਣ ਲਈ ਤਿਆਰ ਹੋ ਸਕਦੀ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਕੇਜਰੀਵਾਲ ਕਰ ਗਏ ਵੱਡੇ ਐਲਾਨ, ਬੋਲੇ, ”ਇਕ ਮੌਕਾ ਦੇ ਦਿਓ ਸਾਨੂੰ ਵੀ”
ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ, ਕੇਂਦਰ ਸਰਕਾਰ ਕਾਨੂੰਨਾਂ ਨੂੰ 3 ਸਾਲ ਤੱਕ ਹੋਲਡ ਕਰਨ, MSP ਦੀ ਗਾਰੰਟੀ ਦੇਣ, ਪੰਜਾਬ ਨੂੰ ਫ਼ਸਲੀ ਵਿਭਿੰਨਤਾ ਲਈ ਵੱਡਾ ਵਿੱਤੀ ਪੈਕੇਜ ਦੇਣ ਅਤੇ ਕਾਨੂੰਨਾਂ ਨੂੰ ਅਮਲ ਹੇਠ ਲਿਆਉਣ ਜਾਂ ਨਾ ਲਿਆਉਣ ਦਾ ਫ਼ੈਸਲਾ ਸੂਬਿਆਂ ‘ਤੇ ਛੱਡਣ ਸੰਬੰਧੀ ਕੁੱਝ ਹੱਦ ਤੱਕ ਸਹਿਮਤੀ ਪ੍ਰਗਟਾਈ ਜਾ ਰਹੀ ਹੈ। ਇਸ ਦਾ ਅਰਥ ਇਹ ਹੋਵੇਗਾ ਕਿ ਕਾਨੂੰਨ ਉਨ੍ਹਾਂ ਸੂਬਿਆਂ ‘ਚ ਲਾਗੂ ਹੋ ਸਕਣਗੇ ਜਿੱਥੋਂ ਦੀਆਂ ਸੂਬਾ ਸਰਕਾਰਾਂ ਚਾਹੁਣਗੀਆਂ। ਹਾਲਾਂਕਿ ਇਸ ਸਮੇਂ ਸੁਪਰੀਮ ਕੋਰਟ ਨੇ ਪਹਿਲਾ ਹੀ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਅਮਲ ‘ਤੇ ਰੋਕ ਲਗਾਈ ਹੋਈ ਹੈ। ਦੱਸ ਦੇਈਏ ਕਿ ਕਿਸਾਨ ਲਗਭਗ ਪਿਛਲੇ 10 ਮਹੀਨਿਆਂ ਤੋਂ ਜਿਆਦਾ ਸਮੇ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕਸੀਆਂ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਪਰ ਦੂਜੇ ਪਾਸੇ ਸਰਕਾਰ ਨੇ ਅਜੇ ਤੱਕ ਕਾਨੂੰਨ ਰੱਦ ਕਰਨ ਦਾ ਕੋਈ ਵੀ ਸੰਕੇਤ ਨਹੀਂ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: